ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀਆਂ ਨਿਹੰਗ ਸਿੰਘ
ਜਥੇਬੰਦੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪੁੱਜੇ ਮੁਖੀਆਂ ਨੇ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਸ਼ੂਰੂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਮੇਸ਼ਾਂ ਹੀ ਰਹਿਣਗੇ ਅਤੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਾਜੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਵਿੱਚ ਇੱਕਠੇ ਤੁਰਨਗੇ।ਉਨਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਪੰਥ ਦੀ ਭਲਾਈ ਲਈ ਸਭ ਨੂੰ ਆਪਣੇ ਨਿੱਜੀ ਝਗੜੇ ਤੇ ਵਖਰੇਵੇਂ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਫਲਸਫੇ ਨੂੰ ਅਪਨਾਉਣਾ ਚਾਹੀਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਐਮ.ਐਸ ਬਲਾਕ ਹਰੀ ਨਗਰ (ਨਵੀਂ ਦਿੱਲੀ) ਦੇ ਮਸਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਗਿਆ ਸੀ।ਇਨ੍ਹਾਂ ਸਾਰਿਆਂ ਦੇ ਵਿਚਾਰ ਸੁਣ ਕੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਜੋ ਥੋੜੇ ਸਮੇਂ ਦੇ ਅੰਦਰ ਹੀ ਪੂਰੇ ਮਾਮਲੇ ਦੀ ਛਾਣਬੀਨ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਵੇਗੀ।ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ।ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ।ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੀਕ ਕੋਈ ਵੀ ਧਿਰ ਇੱਕ ਦੂਜੇ ਖਿਲਾਫ ਦੂਸ਼ਣਬਾਜੀ ਨਾ ਕਰੇ।
ਗਿ. ਹਰਪ੍ਰੀਤ ਸਿੰਘ ਨੇ ਪੂਰੇ ਵਿਸ਼ਵ ਭਰ ਵਿਚ ਫੈਲੀ ਭਿਆਨਕ ਬਿਮਾਰੀ ਕਰੋਨਾ ਵਾਇਰਸ ਦੇ ਬਾਰੇ ਕਿਹਾ ਕਿ ਸੰਸਾਰ ਭਰ ਵਿੱਚ ਵੱਸਦੇ ਸਮੂਹ ਸਿੱਖਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਨਿਜ਼ਾਤ ਦਿਵਾਉਣ ਲਈ ਗੁਰੂ ਸਾਹਿਬ ਜੀ ਅੱਗੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨੀ ਚਾਹੀਦੀ ਹੈ ਅਤੇ ਇਸ ਤੋਂ ਬਚਾਅ ਲਈ ਜਾਰੀ ਹਦਾਇਤਾਂ ‘ਤੇ ਚੱਲਣਾ ਚਾਹੀਦਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media