ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹੇ ਵਿਚ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ
ਵਿਚ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਪ੍ਰਧਾਨਗੀ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਮੀਟਿੰਗ ਹੋਈ। ਐਸ.ਐਸ.ਪੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਵਿਚ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਦਰਪੇਸ਼ ਦਿੱਕਤਾਂ ਅਤੇ ਮੁਸ਼ਕਲਾਂ ਨੂੰ ਦੂਰ ਕਰਨ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਉਪਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਰਫਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਪਹੁੰਚਾਉਣ ਲਈ ਪ੍ਰਸਾਸ਼ਸਨ ਵਚਨਬੱਧ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਹੀ ਰਹਿਣ ਅਤੇ ਬਾਹਰ ਨਾ ਆਉਣ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਜੋ ਲੋੜੀਂਦੀਆਂ ਛੋਟਾਂ ਦਿੱਤੀਆਂ ਗਈਆਂ ਹਨ, ਉਹ ਘਰੋ-ਘਰੀ ਸਪਲਾਈ ਦੇਣ ਲਈ ਦਿੱਤੀਆਂ ਗਈਆਂ ਹਨ ਨਾ ਕਿ ਦੁਕਾਨਾਂ ਆਦਿ ’ਤੇ ਜਾ ਕੇ ਖ਼ਰੀਦਦਾਰੀ ਕਰਨ ਲਈ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਟੀਮਾਂ ਦਾ ਗਠਨ ਕਰਕੇ ਗਰੀਬਾਂ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਭੋਜਨ ਮੁਹੱਈਆ ਕਰਵਾਉਣ ਦੇ ਵੀ ਉਪਰਾਲੇ ਕੀਤੇ ਗਏ ਹਨ, ਜਿਸ ਵਿਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਇਸ ਔਖੀ ਘੜੀ ਵਿਚ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਲੇਬਰ ਦੀ ਮਾਈਗ੍ਰੇਸ਼ਨ ਨੂੰ ਦੇਖਦਿਆਂ ਉਨ੍ਹਾਂ ਲਈ ਸ਼ੈਲਟਰ ਹਾੳੂਸ ਬਣਾਉਣ ਦੀ ਵੀ ਹਦਾਇਤ ਕੀਤੀ ਅਤੇ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ।
ਐਸ.ਐਸ.ਪੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਇਸ ਔਖੀ ਘੜੀ ਵਿਚ ਆਪਣੀ ਡਿੳੂਟੀ ਤਨਦੇਹੀ ਨਾਲ ਨਿਭਾਉਣ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕਰਫਿਊ ਉਨ੍ਹਾਂ ਦੇ ਭਲੇ ਲਈ ਲਗਾਇਆ ਗਿਆ ਹੈ, ਇਸ ਲਈ ਉਨ੍ਹਾਂ ਨੂੰ ਜ਼ਾਬਤੇ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਐਸ.ਪੀ ਮਨਦੀਪ ਸਿੰਘ ਤੇ ਮਨਵਿੰਦਰ ਸਿੰਘ, ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ, ਡਾ. ਚਾਰੂਮਿਤਾ, ਗੁਰਵਿੰਦਰ ਸਿੰਘ ਜੌਹਲ ਤੇ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਡੀ.ਐਫ.ਐਸ.ਸੀ ਸਰਤਾਜ ਸਿੰਘ ਚੀਮਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media