ਕਿਹਾ ਹਾਲਾਤ ਆਮ ਵਾਂਗ ਹੋਣ `ਤੇ ਨਵੇਂ ਦਾਖ਼ਲਿਆਂ ਲਈ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ
ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ
ਸਕੂਲਾਂ ਖਿਲਾਫ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ।ਉਨਾਂ ਕਿਹਾ ਕਿ ਪਰ ਕੁੱਝ ਪ੍ਰਾਈਵੇਟ ਸਕੂਲਾਂ ਵਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ।ਉਨਾਂ ਕਿਹਾ ਕਿ ਅਜਿਹੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨਾਂ ਵਿਚ ਸੰਗਰੂਰ ਜ਼ਿਲੇ ਦਾ ਲਾ ਫਾਊਂਡੇਸ਼ਨ, ਪਟਿਆਲਾ ਜ਼ਿਲੇ ਦਾ ਭੁਪਿੰਦਰਾ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲੇ ਦਾ ਮਾਉਂਟ ਲਿਟਰਾ ਜ਼ੀ ਸਕੂਲ ਸ਼ਾਮਲ ਹਨ।
ਸਿੱਖਿਆ ਮੰਤਰੀ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਕਿਸੇ ਸਕੂਲ ਵੱਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਜ਼ਿਲਾ ਮੈਜਿਸਟਰੇਟਾਂ ਰਾਹੀਂ ਪਹਿਲਾਂ ਸਕੂਲਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਬਾਅਦ ਵਿਚ ਉਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵਲੋਂ ਇੱਕ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲੱਬਧ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।ਉਨਾਂ ਦੱਸਿਆ ਕਿ ਇਹ ਹੁਕਮ ਜਾਰੀ ਕਰਨ ਤੋਂ ਬਾਅਦ ਉਨਾਂ ਖੁਦ ਵੀ ਮੀਡੀਆ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਕੂਲਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ) ਰੱਦ ਕਰ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਨਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨਾਂ ਨੂੰ ਈ-ਮੇਲ, vijayindersingla0gmail.com `ਤੇ ਭੇਜ ਸਕਦੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਫੈਲਣ ਕਾਰਨ ਪੂਰੀ ਦੁਨੀਆ `ਤੇ ਕਾਰੋਬਾਰ ਪ੍ਰਭਾਵਿਤ ਹੋਏ ਹਨ।ਜਿਸ ਕਾਰਨ ਪੰਜਾਬ ਵਿਚ ਵੀ ਮਾਪੇ ਕਰਫਿਊ ਦੌਰਾਨ ਆਨਲਾਈਨ ਬੈਂਕਿੰਗ ਜ਼ਰੀਏ ਵੀ ਫੀਸ ਨਹੀਂ ਭਰ ਸਕਦੇ।ਉਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਮੁਸ਼ਕਿਲ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਨਾਲ ਖੜਣਾ ਚਾਹੀਦਾ ਹੈ ।
Punjab Post Daily Online Newspaper & Print Media