ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ
ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਨਾਂ ’ਚ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰ ਸਥਾਪਿਤ ਕੀਤੇ ਜਾ ਸਕਣ।ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ’ਚ 10 ਰਿਹਾਇਸ਼ੀ ਸਕੂਲ ਹਨ ਅਤੇ ਇਨਾਂ ਸਕੂਲਾਂ ਦੇ ਹੋਸਟਲਾਂ ’ਚ 8346 ਬਿਸਤਰੇ ਉਪਲਬਧ ਹਨ ਜੋ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ।ਉਨਾਂ ਕਿਹਾ ਕਿ ਇਸਦੇ ਨਾਲ ਹੀ ਇਨਾਂ ਸਕੂਲਾਂ ’ਚ ਲਗਭਗ 200 ਕਲਾਸਰੂਮ ਵੀ ਮੌਜੂਦ ਹਨ, ਜਿਨਾਂ ਨੂੰ ਮੈਡੀਕਲ ਸਟਾਫ਼ ਵਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜਿਲ੍ਹਿਆਂ ’ਚ ਸਥਿਤ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ’ਚ ਮਦਦ ਮਿਲੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media