Wednesday, April 15, 2026

ਰਾਣਾ ਗੁਰਜੀਤ ਸਿੰਘ ਨੇ ਮੈਡੀਕਲ ਸਟਾਫ ਦੀ ਸਹਾਇਤਾ ਲਈ ਨੌਜਵਾਨ ਵਲੰਟੀਅਰ ਕੀਤੇ ਤਾਇਨਾਤ

ਲੋਕਾਂ ਨੂੰ ਜ਼ਾਬਤੇ ’ਚ ਰੱਖਣ ਲਈ ਬਾਜ਼ਾਰਾਂ ‘ਚ ਵੀ ਲੱਗਣਗੀਆਂ ਵਲੰਟੀਅਰਾਂ ਦੀਆਂ ਡਿਊਟੀਆਂ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਮਹਾਂਮਾਰੀ ਦੀ ਇਸ ਔਖੀ ਘੜੀ ਵਿਚ ਸੈਨੀਟਾਈਜ਼ੇਸ਼ਨ ਮੁਹਿੰਮ ਵਿਚ ਪੂਰੇ ਸੂਬੇ ਲਈ ਮਿਸਾਲ ਬਣੇ PPNJ0705202010ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਕ ਹੋਰ ਨਿਵੇਕਲੇ ਉਪਰਾਲੇ ਤਹਿਤ ਕੋਰੋਨਾ ਖਿਲਾਫ਼ ਸਿਹਤ ਵਿਭਾਗ ਵੱਲੋਂ ਲੜੀ ਜਾ ਰਹੀ ਜੰਗ ਦੌਰਾਨ ਉਸ ਦੀ ਮਦਦ ਦਾ ਐਲਾਨ ਕੀਤਾ ਹੈ।ਸਥਾਨਕ ਸਿਵਲ ਹਸਪਤਾਲ ਵਿਚ ਮੀਡੀਆ ਕੋਲ ਇਸ ਗੱਲ ਦਾ ਖੁਲਾਸਾ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਕੋਰੋਨਾ ਦੀ ਲੜਾਈ ਵਿਚ ਫਰੰਟ ਲਾਈਨ ’ਤੇ ਜੁੱਟੇ ਹੋਏ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਵੱਲੋਂ ਆਪਣੇ ਨੌਜਵਾਨ ਵਲੰਟੀਅਰਾਂ ਸਮੇਤ ਇਸ ਨੇਕ ਕਾਰਜ਼ ਵਿੱਚ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਤਹਿਤ 10 ਵਲੰਟੀਅਰ ਲਗਾਤਾਰ 15 ਦਿਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸੇਵਾ ਵਿਚ ਆਪਣਾ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਖ਼ੁਦ ਵੀ ਦੋ-ਤਿੰਨ ਘੰਟੇ ਇਥੇ ਸ਼੍ਰਮਦਾਨ ਕਰਨਗੇ।ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਟਾਫ ਦੀ ਸਹਾਇਤਾ ਲਈ 300 ਦੇ ਕਰੀਬ ਵਲੰਟੀਅਰ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਮੈਡੀਕਲ ਸਟਾਫ ਦੇ ਸਹਾਇਕ ਇਨ੍ਹਾਂ ਵਲੰਟੀਅਰਾਂ ਨੂੰ ਇਸ ਕੰਮ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਹਰੇਕ 15 ਦਿਨਾਂ ਬਾਅਦ ਨਵੇਂ ਵਲੰਟੀਅਰ ਤਾਇਨਾਤ ਕੀਤੇ ਜਾਣਗੇ।
            ਉਨ੍ਹਾਂ ਇਹ ਵੀ ਕਿਹਾ ਕਿ ਕਰਫਿਊ ਵਿਚ ਦਿੱਤੀ ਗਈ ਢਿੱਲ ਦੌਰਾਨ ਬਾਜ਼ਾਰਾਂ ਵਿਚ ਸੋਸ਼ਲ ਡਿਸਟੈਂਸਿੰਗ, ਟ੍ਰੈਫਿਕ ਕੰਟਰੋਲ ਕਰਨ ਅਤੇ ਹੋਰ ਸਿਹਤ ਸੁਰੱਖਿਆ ਉਪਾਅ ਯਕੀਨੀ ਬਣਾਉਣ ਲਈ ਪੁਲਿਸ ਦੀ ਸਹਾਇਤਾ ਲਈ ਵੀ ਵਲੰਟੀਅਰ ਤਾਇਨਾਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਹ ਵਲੰਟੀਅਰ ਦੁਕਾਨਦਾਰਾਂ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।
               ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਦੇ ਕੰਟਰੈਕਟ ਅਧਾਰਿਤ ਸਟਾਫ ਦੀ ਤਨਖਾਹ ਰਲੀਜ਼ ਕਰਕੇ ਉਨ੍ਹਾਂ ਦਾ ਮਸਲਾ ਹੱਲ ਕਰ ਦਿੱਤਾ ਗਿਆ ਹੈ।ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਬਾਇਓ ਮੈਡੀਕਲ ਵੇਸਟ ਦੀ ਲਿਫਟਿੰਗ ਲਈ ਦੋ ਟਰਾਲੀਆਂ ਭੇਜਣ ਦਾ ਐਲਾਨ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਨੂਪ ਕੱਲ੍ਹਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਰਜਿੰਦਰ ਕੌੜਾ, ਅਮਰਜੀਤ ਸਿੰਘ ਸੈਦੋਵਾਲ, ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ ਤੋਂ ਇਲਾਵਾ ਮੈਡੀਕਲ ਸਟਾਫ ਆਦਿ ਹਾਜ਼ਰ ਸੀ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …