ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜ਼ਾਏ ਜਲੌ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਬੇਸ਼ੱਕ ਅੱਜ ਕੋਰੋਨਾ ਕਾਰਨ ਸੰਗਤਾਂ ਦੀ ਆਮਦ ਗੁਰੂ ਘਰਾਂ ਅੰਦਰ ਨਹੀਂ ਹੈ, ਪਰੰਤੂ ਹਰ ਦਿਹਾੜਾ ਪ੍ਰੰਪਰਾ ਅਨੁਸਾਰ ਸੰਕੇਤਕ ਰੂਪ ਵਿਚ ਮਨਾਇਆ ਜਾ ਰਿਹਾ ਹੈ।
Punjab Post Daily Online Newspaper & Print Media