ਪੰਜਾਬ, ਹਿਮਾਚਲ, ਝਾਰਖੰਡ, ਕਲਕੱਤਾ, ਸ੍ਰੀ ਪਟਨਾ ਸਾਹਿਬ, ਜੰਮੂ, ਕੁਰਕੁਸ਼ੇਤਰ ਤੇ ਅਹਿਮਾਦਾਬਾਦ ਦੇ ਬੱਚੇ ਲੈ ਰਹੇ ਭਾਗ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ।ਕੋਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਅੰਦਰ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸੰਗਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਗੁਰਬਾਣੀ, ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਇਨ੍ਹਾਂ ਕਲਾਸਾਂ ਦੌਰਾਨ ਜੁੜੇ ਵੱਖ-ਵੱਖ ਸੂਬਿਆਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਸੰਬੋਧਨ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਆਨਲਾਈਨ ਕਲਾਸਾਂ ਰਾਹੀਂ 10 ਹਜ਼ਾਰ ਦੇ ਕਰੀਬ ਬੱਚੇ ਸਿੱਖੀ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ।ਕੋਰੋਨਾ ਵਾਇਰਸ ਕਾਰਨ ਧਰਮ ਪ੍ਰਚਾਰ ਕਮੇਟੀ ਨੇ ਇਹ ਵਿਧੀ ਅਪਣਾਈ ਹੈ।ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਿਥੇ-ਜਿਥੇ ਕਲਾਸਾਂ ਲਗਾਉਂਦੇ ਸਨ, ਉਨ੍ਹਾਂ ਤੱਕ ਪਹੁੰਚ ਕਰਕੇ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।ਧਰਮ ਪ੍ਰਚਾਰ ਕਮੇਟੀ ਦੇ 276 ਪ੍ਰਚਾਰਕ ਇਹ ਕਾਰਜ ਕਰ ਰਹੇ ਹਨ।ਕਲਾਸਾਂ ਦਾ ਸਮਾਂ ਰੋਜ਼ਾਨਾ ਸ਼ਾਮ 6 ਵਜੇ ਤੋਂ 7:30 ਵਜੇ ਤੀਕ ਰੱਖਿਆ ਗਿਆ ਹੈ।ਸਮੇਂ ਸਮੇਂ ਸਪੈਸ਼ਲ ਕਲਾਸਾਂ ਲਗਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ, ਜਿਨ੍ਹਾਂ ਵਿਚ ਸਿੱਖ ਕੌਮ ਦੇ ਵਿਦਵਾਨ ਤੇ ਬੁੱਧੀਜੀਵੀ ਸੰਬੋਧਨ ਕਰਨਗੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਕਲਾਸਾਂ ਰਾਹੀਂ ਗੁਰਬਾਣੀ ਉਚਾਰਣ ਦੀ ਜਾਣਕਾਰੀ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਨਾਲ ਸਬੰਧਤ ਜਾਣਕਾਰੀ ਭਰਪੂਰ ਲੈਕਚਰ ਤਿਆਰ ਕੀਤੇ ਗਏ ਹਨ।ਬੱਚਿਆਂ ਨੂੰ ਗੁਰ-ਇਤਿਹਾਸ ਤੇ ਸਿੱਖ ਰਹਿਤ ਮਰਯਾਦਾ ਨਾਲ ਸਬੰਧਤ ਜਾਣਕਾਰੀ ਦੇਣ ਲਈ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਅਮਰ ਸਿੰਘ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਤਨਾਮ ਸਿੰਘ, ਭਾਈ ਗੁਰਦੀਪ ਸਿੰਘ ਚੌਂਤਾ ਡਿਊਟੀ ਨਿਭਾਅ ਰਹੇ ਹਨ।ਇਸੇ ਤਰ੍ਹਾਂ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਭਾਈ ਪਰਮਿੰਦਰ ਸਿੰਘ ਵੱਲੋਂ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਪ੍ਰਚਾਰਕ ਭਾਈ ਸਤਨਾਮ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਦੇ ਮੱਦੇਨਜ਼ਰ ਵਿਸ਼ੇਸ਼ ਤੌਰ ’ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨੂੰ ਬੱਚਿਆਂ ਨਾਲ ਸਾਂਝਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਆਨਲਾਈਨ ਕਲਾਸਾਂ ਦੌਰਾਨ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਕਲਕੱਤਾ, ਸ੍ਰੀ ਪਟਨਾ ਸਾਹਿਬ ਬਿਹਾਰ, ਜੰਮੂ, ਕੁਰੂਕੁਸ਼ੇਤਰ ਹਰਿਆਣਾ ਅਤੇ ਅਹਿਮਾਦਾਬਾਦ ਆਦਿ ਥਾਵਾਂ ਤੋਂ ਬੱਚੇ ਭਾਗ ਲੈ ਰਹੇ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media