ਲਾਕਡਾਊਨ ਦੌਰਾਨ ਲੋੜਵੰਦਾਂ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਤੀਆਂ 34 ਹਜ਼ਾਰ ਰਾਸ਼ਨ ਕਿੱਟਾਂ
ਕਪੂਰਥਲਾ, 25 ਮਈ (ਪੰਜਾਬ ਪੋਸਟ ਬਿਊਰੋ) – ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿਚ ਕੋਵਿਡ-19
ਮਹਾਂਮਾਰੀ ਦੌਰਾਨ ਦਿਨ-ਰਾਤ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾ ਰਿਹਾ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੇ ਜੀਆਂ ਨੂੰ ਤਿੰਨ ਮਹੀਨਿਆਂ ਲਈ ਪ੍ਰਤੀ ਜੀਅ 15 ਕਿਲੋ ਕਣਕ ਅਤੇ 3 ਕਿਲੋ ਦਾਲ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਸਕੀਮ ਤਹਿਤ ਜ਼ਿਲ੍ਹੇ ਦੇ ਕੁੱਲ 99945 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ ਹੁਣ ਤੱਕ 76011 ਰਾਸ਼ਨ ਕਾਰਡ ਧਾਰਕਾਂ ਨੂੰ ਉਨ੍ਹਾਂ ਦਾ ਕੋਟਾ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਐਮਰਜੈਂਸੀ ਵਰਗੀ ਇਸ ਔਖੀ ਘੜੀ ਵਿਚ ਗ਼ਰੀਬ ਵਰਗ ਦੇ ਲੋਕਾਂ ਲਈ ਜਾਰੀ ਕੀਤੀਆਂ ਜ਼ਰੂਰੀ ਵਸਤਾਂ ਨੂੰ ਉਨ੍ਹਾਂ ਦੇ ਸਹੀ ਹੱਕਦਾਰਾਂ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਰਾਸ਼ਨ ਦੀ ਵੰਡ ’ਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ।ਇਸ ਤਹਿਤ ਹੁਣ ਤੱਕ ਦੋ ਰਾਸ਼ਨ ਡਿਪੂਆਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ।
ਜ਼ਿਲ੍ਹੇ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੂਰੀ ਜਿੰਮੇਵਾਰੀ ਨਾਲ 34 ਹਜ਼ਾਰ ਰਾਸ਼ਨ ਕਿੱਟਾਂ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਗ਼ਰੀਬ ਲੋਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ।ਇਸੇ ਤਰ੍ਹਾਂ ਵਿਭਾਗ ਵੱਲੋਂ ਰਾਜ ਦੇ ਲੋਕਾਂ ਨੂੰ ਜ਼ਰੂਰੀ ਵਸਤਾਂ ਸਹੀ ਰੇਟ ’ਤੇ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਦੁਕਾਨਾਂ ’ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।ਇਸ ਦੌਰਾਨ ਖਪਤਕਾਰਾਂ ਤੋਂ ਵੱਧ ਰੇਟ ਵਸੂਲ ਰਹੇ ਦੁਕਾਨਦਾਰਾਂ ਨੂੰ 20 ਹਜ਼ਾਰ ਰੁਪਏ ਦੇ ਕਰੀਬ ਜ਼ੁਰਮਾਨਾ ਵੀ ਕੀਤਾ ਗਿਆ ਹੈ।
ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਰਬੀ ਸੀਜ਼ਨ 2020-21 ਦੌਰਾਨ ਕਪੂਰਥਲਾ ਜ਼ਿਲ੍ਹੇ ਵਿਚ ਹੁਣ ਤੱਕ ਸਾਢੇ ਤਿੰਨ ਲੱਖ ਮੀਟਿ੍ਰਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਕੀਤੀ ਜਾ ਚੁੱਕੀ ਹੈ।ਵਿਭਾਗ ਵੱਲੋਂ ਪੂਰੇ ਸੀਜ਼ਨ ਵਿਚ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਕਣਕ ਦੀ ਖ਼ਰੀਦ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਜ਼ਿਲ੍ਹੇ ਦੇ ਆੜ੍ਹਤੀਆਂ ਨੂੰ 95 ਫੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
Punjab Post Daily Online Newspaper & Print Media