ਪ੍ਰਾਈਵੇਟ ਸਕੂਲਾਂ ਨੂੰ ਦਾਖ਼ਲਾ ਜਾਂ ਕੋਈ ਹੋਰ ਵਾਧੂ ਫੀਸ ਨਾ ਲੈਣ ਦੀ ਕੀਤੀ ਹਦਾਇਤ
ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਨੇ ਕਿਹਾ ਕਿ ਲਾਕਡਾਊਨ ਦੌਰਾਨ ਬੱਚਿਆਂ ਨੂੰ ਆਨਲਾਈਨ ਸਿੱਖਿਆ
ਮੁਹੱਈਆ ਕਰਵਾ ਰਹੇ ਪ੍ਰਾਈਵੇਟ ਸਕੂਲਾਂ ਨੂੰ ਕੇਵਲ ਟਿਊਸ਼ਨ ਫੀਸ ਲੈਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਅਤੇ ਉਹ ਵਿਦਿਆਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ।ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਇਸ ਸਬੰਧੀ ਦਫ਼ਤਰ ਡਾਇਰੈਕਟਰ ਪਬਲਿਕ ਇੰਸਟਰੱਕਸ਼ਨਸ (ਸੈਕੰਡਰੀ ਸਿੱਖਿਆ), ਪੰਜਾਬ ਵੱਲੋਂ ਸੂੁਬੇ ਦੇ ਸਮੂਹ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸਕੂਲ ਸਿੱਖਿਆ ਵਿਭਾਗ ਵੱਲੋਂ 23 ਮਾਰਚ 2020 ਨੂੰ ਦਾਖ਼ਲਾ ਫੀਸਾਂ ਨੂੰ ਰੀ-ਸ਼ਡਿਊਲ ਕਰਨ ਦੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਅਪੀ ਸੰਕਟ ਦੇ ਮੱਦੇਨਜ਼ਰ ਚਾਲੂ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿਚ ਕਿਸੇ ਵੀ ਤਰ੍ਹਾਂ ਦੇ ਵਾਧੇ ਤੋਂ ਵੀ ਬਚਣ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਲਾਕਡਾਊਨ ਦੇ ਸਮੇਂ ਦੌਰਾਨ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਉਹ ਹੀ ਵਿਦਿਆਰਥੀਆ ਤੋਂ ਟਿਊਸ਼ਨ ਫੀਸ ਲੈ ਸਕਣਗੇ।ਇਸ ਤੋਂ ਇਲਾਵਾ ਕੋਈ ਵੀ ਸਕੂਲ ਟਰਾਂਸਪੋਰਟ ਫੀਸ, ਮੈਸ ਖਰਚਾ, ਇਮਾਰਤ ਖ਼ਰਚਾ ਜਾਂ ਕੋਈ ਹੋਰ ਵਾਧੂ ਖ਼ਰਚਾ ਨਹੀਂ ਲਵੇਗਾ।ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵਿਦਿਆਰਥੀ ਟਿੳੂਸ਼ਨ ਫੀਸ ਸਮੇਂ ਸਿਰ ਜਮ੍ਹਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ, ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ।ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਜ਼ਿਆਦਾਤਰ ਮਾਪਿਆਂ ਦੀ ਉਪਜੀਵਿਕਾ ’ਤੇ ਮਾਰੂ ਅਸਰ ਪਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਇਸ ਮੁਸ਼ਕਲ ਸਮੇਂ ਵਿਚ ਉਨ੍ਹਾਂ ਨਾਲ ਖੜ੍ਹਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਇਹ ਵੀ ਬਦਲ ਦਿੱਤਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਦੀ ਟਿਊਸ਼ਨ ਫੀਸ ਤਿਮਾਹੀ ਦੀ ਥਾਂ ਮਹੀਨਾਵਾਰ ਭਰਵਾ ਸਕਦੇ ਹਨ ਤਾਂ ਕਿ ਉਨ੍ਹਾਂ ’ਤੇ ਇਕਦਮ ਬੋਝ ਨਾ ਪਵੇ।
Punjab Post Daily Online Newspaper & Print Media