ਜਿਲ੍ਹਾ ਸੰਗਰੂਰ ‘ਚ ਕੋਰੋਨਾ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ 99 ਹੋਈ
ਸੰਗਰੂਰ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫ਼ਤਿਹ ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ
ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਤ 99 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 5 ਹੋਰ ਮਾਮਲੇ ਸਾਹਮਣੇ ਆਏ ਹਨ ਜੋ ਕਿ 1 ਮਾਮਲਾ ਸੰਗਰੂਰ ਸ਼ਹਿਰ ਨਾਲ, 2 ਮਾਮਲੇ ਮਲੇਰਕੋਟਲਾ ਤੇ 2 ਸਿਹਤ ਬਲਾਕ ਲੌਂਗੋਵਾਲ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ 13 ਐਕਟਿਵ ਮਾਮਲੇ ਹਨ ਜਿਸ ਵਿੱਚ 1 ਸੰਗਰੂਰ ਨਾਲ, 3 ਮਲੇਰਕੋਟਲਾ, 1 ਧੂਰੀ, 3 ਭਵਾਨੀਗੜ੍ਹ, 2 ਲੌਂਗੋਵਾਲ, 1 ਅਮਰਗੜ੍ਹ ਤੇ 2 ਸ਼ੇਰਪੁਰ ਬਲਾਕ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਬੀਤੀ ਰਾਤ ਤੱਕ ਕੁੱਲ 5819 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 5598 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 5486 ਨਤੀਜੇ ਨੈਗੇਟਿਵ ਆਏ ਹਨ, ਜਦਕਿ 219 ਦੀ ਰਿਪੋਰਟ ਆਉਣੀ ਬਾਕੀ ਹੈ।
ਉਨ੍ਹਾਂ ਦੱਸਿਆ ਕਿ ਅੱਜ 284 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਡੀ.ਸੀ ਥੋਰੀ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ 2001 ਵਿਅਕਤੀ ਘਰ ਇਕਾਂਤਵਾਸ ਵਿਚ ਹਨ ਜਦਕਿ ਦੇਸ਼ ਤੋਂ ਬਾਹਰੋ ਆਏ 66 ਵਿਅਕਤੀ ਘਰ, ਸਰਕਾਰੀ ਇਕਾਂਤਵਾਸ ਸੈਂਟਰ ਤੇ ਪ੍ਰਾਈਵੇਟ ਹੋਟਲਾਂ ਵਿਚ ਇਕਾਂਤਵਾਸ ਵਿੱਚ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
Punjab Post Daily Online Newspaper & Print Media