Monday, December 23, 2024

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਡੀ.ਸੀ

ਕਪੂਰਥਲਾ, 12 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਆਗਾਮੀ ਬਰਸਾਤਾਂ ਦੇ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ

ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਦਰਿਆਵਾਂ ਦੇ ਨਾਲ ਲੱਗਦੀਆਂ ਸਬ-ਡਵੀਜ਼ਨਾਂ ਦੇ ਐਸ.ਡੀ.ਐਮ ਆਪੋ ਆਪਣੀਆਂ ਸਬ ਡਵੀਜ਼ਨਾਂ ਦੀ ਯੋਜਨਾ ਤਿਆਰ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਤੁਰੰਤ ਰਾਹਤ ਦਿੱਤੀ ਜਾ ਸਕੇ।
               ਉਨ੍ਹਾਂ ਇਹ ਵੀ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹੁਣ ਤੋਂ ਹੀ ਦਰਿਆ ਕੰਢੇ ਵਾਲੇ ਇਲਾਕਿਆਂ ਤੇ ਪ੍ਰਭਾਵਿਤ ਪਿੰਡਾਂ ਦੀ ਸੂਚੀ ਤਿਆਰ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਥਾਵਾਂ ਦੀ ਪਛਾਣ ਕਰ ਲਈ ਜਾਵੇ।ਸੰਚਾਰ ਵਿਵਸਥਾ ਨੂੰ ਚੁਸਤ-ਦਰੁਸਤ ਰੱਖਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ।ਡਰੇਨੇਜ ਵਿਭਾਗ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਮਿੱਥੇ ਸਮੇਂ ਸਿਰ ਮੁਕੰਮਲ ਕਰੇ ਤੇ ਨਾਲ ਹੀ ਗਾਰ ਨੂੰ ਤੁਰੰਤ ਚੁੱਕਿਆ ਜਾਵੇ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਪਾਣੀ ਦੇ ਵਹਾਅ ਵਿਚ ਕੋਈ ਅੜਚਣ ਪੈਦਾ ਨਾ ਹੋਵੇ।
ਉਨਾਂ ਪੁਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਚਾਰੇ ਅਤੇ ਦਵਾਈਆਂ ਲਈ ਪ੍ਰਬੰਧ ਕਰਨ, ਪਾਵਰਕਾਮ ਨੂੰ ਰਾਹਤ ਕੈਪਾਂ ਵਿਚ ਬਿਜਲੀ ਸਪਲਾਈ ਯਕੀਨੀ ਬਣਾਉਣ, ਸਿਵਲ ਸਪਲਾਈ ਵਿਭਾਗ ਨੂੰ ਹੜ੍ਹਾਂ ਤੋ ਪ੍ਰਭਾਵਿਤ ਲੋਕਾਂ ਦੀ ਜਰੂਰਤ ਲਈ ਲੋੜ ਅਨੁਸਾਰ ਕੈਰੋਸੀਨ, ਡੀਜ਼ਲ, ਪੈਟਰੋਲ, ਤਰਪਾਲਾਂ, ਰਾਸ਼ਨ ਅਤੇ ਹੋਰ ਖਾਣ-ਪੀਣ ਦੀਆ ਵਸਤੂਆਂ, ਸਿਹਤ ਵਿਭਾਗ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਪਾਂ ਲਈ ਦਵਾਈਆਂ ਅਤੇ ਮੈਡੀਕਲ ਟੀਮਾਂ ਦਾ ਢੁਕਵਾਂ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਕਿਸ਼ਤੀਆਂ, ਤੈਰਾਕਾਂ, ਗੋਤੇਖੋਰਾਂ, ਚੱਪੂ, ਲਾਈਫ ਜੈਕਟਾਂ, ਬੋਰੇ, ਰੱਸੀਆਂ ਆਦਿ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।ਹੜ੍ਹਾਂ ਸਮੇ ਲੋੜੀਂਦਾ ਸਾਜ਼ੋ-ਸਾਮਾਨ, ਜੋ ਕਿ ਜ਼ਿਲ੍ਹਾ ਮੁੱਖ ਦਫਤਰ ਵਿਖੇ ਉਪਲਬਧ ਹੈ, ਸਬੰਧੀ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਨੂੰ ਚੈਕ ਕਰਕੇ ਇਸ ਦੇ ਠੀਕ ਚਾਲੂ ਹਾਲਤ ਵਿਚ ਹੋਣ ਦਾ ਸਰਟੀਫਿਕੇਟ ਦੇਣ ਤਾਂ ਜੋ ਲੋੜ ਸਮੇ ਕੋਈ ਮੁਸ਼ਕਲ ਪੇੋਸ਼ ਨਾ ਆਵੇ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …