ਲੁਧਿਆਣਾ, 16 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 9 ਹੋਰ
ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 26 ਹੋਰ ਮਾਮਲੇ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 21 ਜ਼ਿਲ੍ਹਾ ਲੁਧਿਆਣਾ ਨਾਲ ਅਤੇ 4 ਮਰੀਜ਼ ਜ਼ਿਲ੍ਹਾ ਹੁਸ਼ਿਆਰਪੁਰ, ਸੰਗਰੂਰ, ਕਪੂਰਥਲਾ, ਫਰੀਦਕੋਟ ਅਤੇ ਇੱਕ ਬਿਹਾਰ ਰਾਜ ਨਾਲ ਸੰਬੰਧਤ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।ਮਿਤੀ 16 ਜੂਨ, 2020 ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 227 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 19418 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 17518 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 16967 ਨਤੀਜੇ ਨੈਗੇਟਿਵ ਆਏ ਹਨ, ਜਦਕਿ 19002 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 417 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 134 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 12 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 9 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਉਨ੍ਹਾਂ ਦੱਸਿਆ ਕਿ ਇੱਕ 51 ਸਾਲਾ ਵਿਅਕਤੀ, ਜਿਹੜਾ ਕਿ ਅਸਲ ਵਿੱਚ ਦਿੱਲੀ ਦਾ ਰਹਿਣ ਵਾਲਾ ਸੀ ਅਤੇ ਰੇਲਵੇ ਡਵੀਜ਼ਨ ਫਿਰੋਜ਼ਪੁਰ ਵਿੱਚ ਸੀਨੀਅਰ ਡਵੀਜ਼ਨਲ ਮਕੈਨੀਕਲ ਇੰਜੀਨੀਅਰ ਵਜੋਂ ਤਾਇਨਾਤ ਸੀ ਦਾ ਅੱਜ ਸੀ.ਐਮ.ਸੀ ਵਿਖੇ ਦਿਹਾਂਤ ਹੋ ਗਿਆ ਹੈ। ਉਹ ਬਲੱਡ ਪ੍ਰੈਸ਼ਰ, ਦਮਾ, ਨਮੂਨੀਆ ਅਤੇ ਬੁਖਾਰ ਤੋਂ ਪੀੜਤ ਸੀ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 227 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ 10608 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3425 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 311 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰ੍ਹਾਂ ਅੱਜ ਵੀ 854 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਕੋਵਿਡ-19 ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਵੀ ਕੀਤੀ।
Check Also
ਜੰਡਿਆਲਾ ਗੁਰੂ ਵਿੱਚ ਜਲਦ ਤਿਆਰ ਹੋਵੇਗਾ ਸੀਵਰੇਜ ਟ੍ਰੀਟਮੈਂਟ ਪਲਾਂਟ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ) – ਜੰਡਿਆਲਾ ਗੁਰੂ ਸ਼ਹਿਰ ਵਿੱਚ ਪਹਿਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਇਸ …
Punjab Post Daily Online Newspaper & Print Media