ਲੌਂਗੋਵਾਲ, 17 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 2009 ਬੈਚ ਦੇ ਆਈ.ਏ.ਐਸ ਅਧਿਕਾਰੀ ਰਾਮਵੀਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ 
ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ।ਉਨਾਂ ਤੋਂ ਪਹਿਲਾਂ ਘਨਸ਼ਿਆਮ ਥੋਰੀ ਜ਼ਿਲਾ ਸੰਗਰੂਰ ’ਚ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਤੈਨਾਤ ਸਨ ਜਿਨਾਂ ਦੀ ਬਦਲੀ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਰਾਮਵੀਰ, ਸੰਗਰੂਰ ਵਿਖੇ ਨਿਯੁੱਕਤੀ ਤੋੋਂ ਪਹਿਲਾਂ ਪਨਸਪ ਦੇ ਮੈਨੇਜਿੰਗ ਡਾਇਰੈਕਟਰ (ਐਮ.ਡੀ) ਵਜੋੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਸ ਤੋਂ ਪਹਿਲਾਂ ਵੀ ਰਾਮਵੀਰ ਡਿਪਟੀ ਕਮਿਸ਼ਨਰ ਪਟਿਆਲਾ, ਫਿਰੋਜ਼ਪੁਰ ਤੇ ਪਠਾਨਕੋਟ ਦੇ ਨਾਲ-ਨਾਲ ਸੂਬੇ ਵਿਚਲੇ ਹੋਰ ਕਈ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।
ਰਾਮਵੀਰ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਨੂੰ ਜ਼ਿਲੇ ’ਚ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ।ਉਨਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮਲੇਰਕੋਟਲਾ ਸ਼ਹਿਰ ਤੋਂ ਰਿਪੋਰਟ ਹੋਏ ਕੇਸਾਂ ਦੀ ਗਿਣਤੀ ਵਧਣ ਨਾਲ ਸਥਿਤੀ ਨਾਜ਼ੁਕ, ਪਰ ਕਾਬੂ ਹੇਠ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਮਲੇਰਕੋਟਲਾ ਦੇ ਨਾਜ਼ੁਕ ਰਿਹਾਇਸ਼ੀ ਇਲਾਕਿਆਂ ’ਚ ਸੈਂਪਲਿੰਗ ਹੋਰ ਤੇਜ਼ ਕਰ ਦਿੱਤੀ ਜਾਵੇ।ਉਨਾਂ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ’ਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਬਾਰੇ ਕਿਸੇ ਵੀ ਲੋੜੀਂਦੀ ਜਾਣਕਾਰੀ ਲਈ ਹਰ ਵਿਅਕਤੀ ਆਪਣੇ ਮੋਬਾਇਲ ’ਚ ‘ਕੋਵਾ ਐਪ’ ਜ਼ਰੂਰ ਡਾਊਨਲੋਡ ਕਰੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬੱਤਰਾ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਲਤੀਫ਼ ਅਹਿਮਦ, ਐਸ.ਡੀ.ਐਮ ਦਿੜਬਾ ਮਨਜੀਤ ਸਿੰਘ, ਐਸ.ਡੀ.ਐਮ ਸੁਨਾਮ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਯੂ.ਟੀ) ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਡਾ. ਰਾਜ ਕੁਮਾਰ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Post Daily Online Newspaper & Print Media