ਸ਼ਹੀਦ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ – ਸਿੰਗਲਾ
ਤੋਲਾਵਾਲ/ ਸੰਗਰੂਰ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ
ਝੜਪ ’ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਸਿੰਗਲਾ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਤੋਲਾਵਾਲ ਤੋਂ ਸ਼ਹੀਦ ਦੇ ਘਰ ਤੱਕ ਅਤੇ ਸ਼ਹੀਦ ਦੇ ਘਰ ਤੋਂ ਜਖੇਪਲ ਤੱਕ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ ’ਤੇ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ ।
ਸ਼ਹੀਦ ਗੁਰਬਿੰਦਰ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਸਹੀਦ ਸਿਪਾਹੀ ਗੁਰਬਿੰਦਰ ਸਿੰਘ ਹਾਈ ਸਕੂਲ ਵਜੋਂ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੀ ਲਾਇਬ੍ਰੇਰੀ ਵੀ ਸ਼ਹੀਦ ਨੂੰ ਸਮਰਪਿਤ ਕੀਤੀ ਗਈ ਹੈ।ਪਿੰਡ ਵਾਸੀਆਂ ਵਲੋਂ ਸ਼ਹੀਦ ਦੇ ਨਾਮ ’ਤੇ ਸਟੇਡੀਅਮ ਦਾ ਨਿਰਮਾਣ ਕਰਨ ਲਈ ਦੋ ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਜ਼ਮੀਨ ’ਤੇ ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਉਚ ਪੱਧਰੀ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਗਲਵਾਨ ਘਾਟੀ ’ਚ ਸ਼ਹੀਦ ਹੋਏ ਦੇਸ਼ ਦੇ ਬਹਾਦਰ 20 ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਇਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਸਿੱਖਿਆ ਮੰਤਰੀ ਸਿੰਗਲਾ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਹੋਣ ਵਾਲੇ ਨੌਜਵਾਨ ਗੁਰਬਿੰਦਰ ਸਿੰਘ ਦੀ ਅੱਠਵੀਂ ’ਚ ਪੜਦੀ ਭਤੀਜੀ ਫ਼ੌਜ ’ਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਉਸਨੂੰ ਇਸ ਕਾਬਲ ਬਣਾਉਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।ਉਨਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ਹੀਦ ਦੇ ਪਰਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ।ਉਨਾਂ ਕਿਹਾ ਕਿ ਮਾਲੀ ਮਦਦ ਸਿਧੀ ਖਾਤੇ ’ਚ ਪਾਈ ਜਾਵੇਗੀ ਅਤੇ ਨੌਕਰੀ ਲਈ ਪਰਿਵਾਰ ਦੀ ਸਹਿਮਤੀ ਸ਼ਹੀਦ ਦੇ ਛੋਟੇ ਭਰਾ ’ਤੇ ਬਣੀ ਹੈ ਜਿਸ ਦਾ ਨਾਂ ਯੋਗਤਾ ਅਨੁਸਾਰ ਭਰਤੀ ਲਈ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਡਾ. ਸੰਦੀਪ ਗਰਗ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ, ਐਸ.ਜੀ.ਪੀ.ਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਖਡਿਆਲ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਗੂ ਅਤੇ ਹਲਕਾ ਦਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾਂ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ ਮਨਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਹਸਤੀਆਂ ਤੇ ਆਮ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਹਾਜ਼ਰ ਭਰੀ।
Punjab Post Daily Online Newspaper & Print Media