ਅੱਜ ਕੋਰੋਨਾ ਬਿਮਾਰੀ ਨਾਲ ਸੰਬੰਧਤ 34 ਹੋਰ ਮਾਮਲੇ ਆਏ ਸਾਹਮਣੇ – ਡੀ.ਸੀ
ਲੁਧਿਆਣਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਵਿਡ 19 ਤੋਂ ਪੀੜਤ ਲੋਕਾਂ ਨੂੰ
ਬਚਾਉਣ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਵਿੱਚ 444 ਮਰੀਜ਼ ਇਲਾਜ਼ ਅਧੀਨ ਹਨ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 34 ਹੋਰ ਮਾਮਲੇ ਸਾਹਮਣੇ ਆਏ ਹਨ। ਜੋ ਕਿ ਜ਼ਿਲਾ ਲੁਧਿਆਣਾ ਅਤੇ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 34805 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 33647 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿਚੋਂ 32546 ਨਤੀਜੇ ਨੈਗੇਟਿਵ ਆਏ ਹਨ, ਜਦਕਿ 1158 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 900 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 201 ਮਰੀਜ਼ ਹੋਰ ਜਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 22 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 24 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨਾਂ ਕਿਹਾ ਕਿ ਹੁਣ ਤੱਕ 14172 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2747 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 212 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਸੇ ਤਰਾਂ ਅੱਜ ਵੀ 1011 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।
Punjab Post Daily Online Newspaper & Print Media