Thursday, December 12, 2024

ਪਾਕਿਸਤਾਨ ’ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ

ਜ਼ਖਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦਾ ਵੀ ਕੀਤਾ ਐਲਾਨ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਵਾਪਿਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਕੌਮ ਨੂੰ ਹਮਦਰਦੀ ਹੈ।ਇਸ ਦੁੱਖਮਈ ਸਮੇਂ ’ਤੇ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ, ਪਰੰਤੂ ਹਮਦਰਦੀ ਵਜੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਤੇ ਜ਼ਖਮੀਆਂ ਨੂੰ ਵੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇਵੇਗੀ।ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਵੇ।ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਨਾਲ ਸਬੰਧਤ ਦੋਸ਼ੀਆਂ ਖਿਲਾਫ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇ।ਲੌਂਗੋਵਾਲ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਰਾਹੀਂ ਪੱਤਰ ਵੀ ਲਿਖਣਗੇ।ਸ਼੍ਰੋਮਣੀ ਕਮੇਟੀ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏਗੀ।
               ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਗੁਰਮੀਤ ਸਿੰਘ ਬੂਹ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸੀਨੀਅਰ ਆਗੂ ਨਰਿੰਦਰ ਸਿੰਘ ਬਾੜਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਸਿਮਰਜੀਤ ਸਿੰਘ, ਗੁਰਮੀਤ ਸਿੰਘ ਬੁੱਟਰ ਆਦਿ ਮੌਜੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …