ਜਲ ਸਰੋਤ ਮੰਤਰੀ ਵੱਲੋਂ ਹੜ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ।ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ।ਇਨ੍ਹਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ।ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ ਬੈਗ ਵੀ ਭਰ ਕੇ ਰੱਖੇ ਗਏ ਹਨ।ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਇਹ ਜਾਣਕਾਰੀ ਦਿੱਤੀ।
ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ।ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ‘ਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ਼ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।
ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ।ਜਲ ਸਰੋਤ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਹੜ੍ਹਾਂ ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ।