ਕਿਹਾ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ
ਕੇ ਰੱਖਣ ਦੀ ਅਪੀਲ ਕੀਤੀ ਹੈ।ਉਨਾਂ ਸਮੂਹ ਐਸ.ਐਮ.ਓ ਨੂੰ ਹਦਾਇਤ ਕੀਤੀ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ ਵਿੱਚ ਆਉਣ ਵਾਲੇ ਮਰੀਜ਼ਾਂ ਦਰਮਿਆਨ ਸਮਾਜਿਕ ਦੂਰੀ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ।ਹਸਪਤਾਲ ਅਤੇ ਕਲੀਨਿਕਾਂ ਵਿਚ ਆਉਂਦਾ ਸਟਾਫ ਵੀ ਆਪਸੀ ਦੂਰੀ ਦੇ ਨਾਲ-ਨਾਲ ਮਰੀਜਾਂ ਤੋਂ ਬਰਾਬਰ ਸਰੀਰਿਕ ਦੂਰੀ ਬਣਾ ਕੇ ਰੱਖੇ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਰੋਨਾ ਤੋਂ ਬਚਾਓ ਕਿਸ ਤਰ੍ਹਾਂ ਨਾਲ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਉਣ ਲਈ ਲੋਕਾਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ ਇਸ ਲਈ ਕੋਰਿਨਟਾਈਨ ਕੀਤਾ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣਾ ਆਪਣਾ ਫਰਜ਼ ਸਮਝਣ ਤਾਂ ਜੋ ਉਨਾਂ ਦਾ ਚੈਕਅਪ ਕਰਕੇ ਉਨ੍ਹਾਂ ਦੀ ਅਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਇਸ ਸਬੰਧੀ ਲੋਕਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
Punjab Post Daily Online Newspaper & Print Media