ਰੱਖੜੀ ਦੇ ਤਿਓਹਾਰ ‘ਤੇ ਐਤਵਾਰ ਖੁੱਲੀਆਂ ਰਹਿਣਗੀਆਂ ਹਲਵਾਈਆਂ ਦੀਆਂ ਦੁਕਾਨਾਂ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਸ਼ਾਮ ਫੇਸਬੁੱਕ ‘ਤੇ ਆਪਣੇ ਲਾਈਵ ਸੈਸ਼ਨ ਦੌਰਾਨ ਜਿਲ੍ਹਾ
ਵਾਸੀਆਂ ਨੂੰ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਐਤਵਾਰ ਵਾਲੇ ਦਿਨ ਵੀ ਰੱਖੜੀ ਦੇ ਪਵਿੱਤਰ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਡਾ ਸਭ ਦਾ ਵੀ ਫ਼ਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਮਹਾਂਮਾਰੀ ਤੋਂ ਆਪਣੇ ਆਪ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਐਸ.ਐਮ.ਐਸ ਨੂੰ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਐਸ ਦਾ ਅਰਥ ਸ਼ੋਸ਼ਲ ਡਿਸਟੈਂਸ, ਐਮ ਦਾ ਅਰਥ ਮਾਸਕ ਅਤੇ ਐਸ ਦਾ ਅਰਥ ਸੈਨੇਟਾਈਜੇਸ਼ਨ ਹੈ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਅਤੇ ਆਪਣੇ ਹੱਥਾਂ ਨੂੰ ਬਾਰ ਬਾਰ ਸੈਨੀਟਾਈਜ ਕਰਨਾ ਹੈ।ਢਿਲੋਂ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਛਾਤੀ ਵਿੱਚ ਦਰਦ ਆਦਿ ਹੋਵੇ ਤਾਂ ਉਸ ਨੂੰ ਤੁਰੰਤ ਆਪਣੇ ਨਜ਼ਦੀਕੀ ਹਸਪਤਾਲ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਦੇ ਟੈਸਟ ਮੁਫਤ ਵਿੱਚ ਕੀਤੇ ਜਾਂਦੇ ਹਨ ਅਤੇ ਸਿਹਤ ਵਿਭਾਗ ਵਲੋਂ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਰਾਹੀਂ ਲੋਕਾਂ ਦੇ ਟੈਸਟ ਕੀਤੇ ਜਾਂਦੇ ਹਨ।
ਢਿਲੋਂ ਨੇ ਹਲਵਾਈਆਂ ਨੂੰ ਕਿਹਾ ਕਿ ਉਹ ਰੱਖੜੀ ਵਾਲੇ ਦਿਨ ਆਪਣੇ ਗ੍ਰਾਹਕਾਂ ਨੂੰ ਮੁਫ਼ਤ ਵਿੱਚ ਮਾਸਕ ਵੰਡਣ ਤਾਂ ਜੋ ਇਸ ਦਿਹਾੜੇ ’ਤੇ ਭੈਣ ਭਰਾ ਦੀ ਦੁਵੱਲੀ ਸੁਰੱਖਿਆ ਹੋ ਸਕੇ।ਡਿਪਟੀ ਕਮਿਸ਼ਨਰ ਨੇ ਕਰੋਨਾ ਤੋਂ ਠੀਕ ਹੋਏ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਪਲਾਜਮਾ ਦਾਨ ਕਰਨ ਤਾਂ ਜੋ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।
ਢਿਲੋਂ ਨੇ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਲੋੜਵੰਦਾਂ ਦੀ ਸਹਾਇਤਾ ਲਈ ਰੈਡ ਕਰਾਸ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਲੋੜਵੰਦ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ।ਉੋਨ੍ਹਾਂ ਦੱਸਿਆ ਕਿ ਰੈਡ ਕਰਾਸ ਦੇ ਖਾਤਾ ਨੰ: 50100348358119 ਅਤੇ ਆਈ.ਐਫ.ਐਸ.ਸੀ ਕੋਡ ਐਚ.ਡੀ.ਐਫ.ਸੀ 0001359 ਤੇ ਆਪਣਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਨੂੰ ਦਿੱਤੀ ਰਾਸ਼ੀ ’ਤੇ ਇਨਕਮ ਟੈਕਸ ਤੋਂ ਛੋਟ ਵੀ ਪ੍ਰਾਪਤ ਹੁੰਦੀ ਹੈ।
Punjab Post Daily Online Newspaper & Print Media