ਸ਼ਹੀਦ ਨਾਲ ਸਬੰਧਤ ਨਿੱਜੀ ਵਸਤਾਂ ਲੰਡਨ ਤੋਂ ਲਿਆਉਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ ਪੱਤਰ – ਸਿੰਗਲਾ
ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਦੇਸ਼ ਅਤੇ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ
ਕੀਤਾ ਜਾਂਦਾ ਹੈ।ਮਹਾਨ ਸੂਰਬੀਰਾਂ ਦੀ ਯਾਦ ਤਾਜ਼ਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਮਹਾਨ ਸ਼ਾਹਦਤਾਂ ਤੋਂ ਜਾਣੂ ਹੋ ਸਕਣ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸ਼ਹੀਦ ਊਧਮ ਸਿੰਘ ਜੀ ਦੇ 81ਵੇਂ ਸ਼ਹੀਦੀ ਦਿਹਾੜੇ ਮੌਕੇ ਊਧਮ ਸਿੰਘ ਵਾਲਾ ਸੁਨਾਮ ਵਿਖੇ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਕੀਤਾ।ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਡਾ. ਸੰਦੀਪ ਗਰਗ, ਜ਼ਿਲਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਦਾਮਨ ਥਿੰਦ ਬਾਜਵਾ ਸਮੇਤ ਹੋਰਨਾਂ ਹੋਰ ਵੱਖ-ਵੱਖ ਹਸਤੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ਵਾਗਡੋਰ ਸੰਭਾਲਦਿਆਂ ਹੀ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਦੀਵੀ ਬਣਾਉਣ ਲਈ ਯਾਦਗਾਰ ਦਾ ਕੰਮ ਲੋਕਾਂ ਦੀ ਮੰਗ ਅਨੁਸਾਰ 2 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ।ਪੰਜਾਬ ਸਰਕਾਰ ਦਾ ਟੀਚਾ ਹੈ ਕਿ ਯਾਦਗਾਰ ਬਣਾਉਣ ਦਾ ਕੰਮ ਇਸੇ ਸਾਲ ਸਤੰਬਰ ਮਹੀਨੇ ਤੱਕ ਪੂਰਾ ਕਰਵਾ ਲਿਆ।ਉਨਾਂ ਇਹ ਵੀ ਕਿਹਾ ਕਿ ਹੁਣ ਓਪਨ ਏਅਰ ਥਿਏਟਰ ਦੀ ਜਗਾ ਅਜ਼ਾਇਬ ਘਰ ਬਣਾਇਆ ਜਾ ਰਿਹਾ ਹੈ।ਜਿਸ ਵਿਚ ਸ਼ਹੀਦ ਊਧਮ ਸਿੰਘ ਜੀ ਦੀਆਂ ਨਿਸ਼ਾਨੀਆਂ ਨੂੰ ਰੱਖਿਆ ਜਾਵੇਗਾ।
ਸਿੰਗਲਾ ਨੇ ਕਿਹਾ ਕਿ ਅਜਾਇਬ ਘਰ ਦੀ ਉਸਾਰੀ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਵਸਤੂਆਂ ਨੂੰ ਲੰਡਨ ਤੋਂ ਲਿਆਉਣ ਲਈ ਸੂਬਾ ਸਰਕਾਰ ਵਲੋਂ ਕੇਂਦਰੀ ਸਰਕਾਰ ਨੂੰ ਲਿਖਿਆ ਜਾਵੇਗਾ ਅਤੇ ਇਹ ਸਾਮਾਨ ਭਾਰਤ ਲਿਆਉਣ ਲਈ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਹੀਲਾ ਵਸੀਲਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਕੰਮ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਹਰ ਉਸ ਕੌਮੀ ਤੇ ਕੌਮਾਂਤਰੀ ਏਜੰਸੀ ਨਾਲ ਰਾਬਤਾ ਕੀਤਾ ਜਾਵੇਗਾ ਜਿਸ ਦਾ ਸਬੰਧ ਇਨਾਂ ਨਿਸ਼ਾਨੀਆਂ ਨੂੰ ਇਸ ਅਜਾਇਬ ਘਰ ਤੱਕ ਲੈ ਕੇ ਆਉਣ ਨਾਲ ਹੋਵੇਗਾ।
ਇਸ ਮੌਕੇ ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਤੇ ਹਰਮਨ ਦੇਵ ਸਿੰਘ ਬਾਜਵਾ ਸਮੇਤ ਇਲਾਕਾ ਵਾਸੀ ਵੀ ਹਾਜ਼ਰ ਸਨ।
Punjab Post Daily Online Newspaper & Print Media