ਕਰੋਨਾ ਵਾਈਰਸ ਕਾਰਨ ਸੰਖੇਪ ਸਮਾਗਮ ਕਰਵਾਉਣ ਦੇ ਹੁਕਮ
ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਰੋਨਾ ਵਾਈਰਸ ਕਾਰਨ ਅਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਗਮ ਸਾਦੇ ਢੰਗ ਨਾਲ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਦੀ ਥਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਹੋਵੇਗਾ ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਗਮ ਸੰਖੇਪ ਤੌਰ ਤੇ ਕਰਵਾਉਣ ਦੇ ਹੁਕਮ ਦਿਤੇ ਗਏ ਹਨ ।ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸਮਾਗਮ ਮੌਕੇ ਕਰੋਨਾ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਇਸ ਵਾਰ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਕੀਤੀ ਜਾਵੇਗੀ, ਜਦਕਿ 13 ਅਗਸਤ ਨੂੰ ਫੁਲ ਡਰੈਸ ਰਿਹਰਸਲ ਹੋਵੇਗੀ।ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦਾ ਇਕੱਠ ਅਤੇ ਰੰਗਾਰੰਗ ਪ੍ਰੋਗਰਾਮ ਨਹੀਂ ਹੋਵੇਗਾ।ਸਕੂਲੀ ਵਿਦਿਆਰਥੀਆਂ ਦੀ ਸਮੂਲੀਅਤ ਬਿਲਕੁਲ ਨਹੀਂ ਹੋਵੇਗੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਐਸ.ਪੀ ਮਨਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਸ਼ਿਖਾ ਭਗਤ, ਸਿਵਲ ਸਰਜਨ ਕਪੂਰਥਲਾ, ਐਕਸੀਅਨ ਪੀ.ਡਬਲਯੂ.ਡੀ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਜ਼ਿਲ੍ਹਾ ਖੇਡ ਅਫਸਰ ਨੇ ਭਾਗ ਲਿਆ।