Tuesday, February 24, 2026

ਡਾ. ਓਬਰਾਏ ਦੀਆਂ ਕੋਸ਼ਿਸ਼ਾਂ ਨਾਲ ਦੁਬਈ ਤੋਂ ਦੇਸ਼ ਪੁੱਜਾ ਜੋਗਰਾਜ ਦਾ ਮ੍ਰਿਤਕ ਸਰੀਰ

ਪਹੁੰਚ ਤੋਂ ਬਾਹਰ ਸੀ ਪੁੱਤ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ – ਪੀੜਤ ਪਰਿਵਾਰ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ  ਬੀਤੀ ਅੱਧੀ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇੇ ਪਹੁੰਚਿਆ।
                 ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ 2 ਸਾਲ ਪਹਿਲਾਂ ਮਜ਼ਦੂਰੀ ਕਰਨ ਦੁਬਈ ਪੁੱਜੇ ਜੋਗਰਾਜ ਸਿੰਘ ਦੀ ਬੀਤੀ 21 ਜੁਲਾਈ ਨੂੰ ਭੇਦਭਰੇ ਹਾਲਾਤਾਂ `ਚ ਉਸ ਦੀ ਮੌਤ ਹੋ ਗਈ ਸੀ।ਮ੍ਰਿਤਕ ਦੇ ਪਰਿਵਾਰ ਨੇ ਜਦ ਰਾਬਤਾ ਕੀਤਾ ਤਾਂ ਉਨਾਂ ਨੇ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ।ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਜੋਗਰਾਜ ਦਾ ਮ੍ਰਿਤਕ ਸਰੀਰ ਬੀਤੀ ਰਾਤ ਅੰਮ੍ਰਿਤਸਰ ਪੁੱੱਜਣ ਉਪਰੰਤ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਹਰਜਿੰਦਰ ਸਿੰਘ ਹੇਰ ਦੀ ਮੌਜੂਦਗੀ `ਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 192 ਬਦਨਸੀਬਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ ।
               ਇੱਕ ਸਵਾਲ ਦੇ ਜਵਾਬ ‘ਚ ਡਾ. ਓਬਰਾਏ ਨੇ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਵੱਡੀ ਗਿਣਤੀ `ਚ ਹੋ ਰਹੀਆਂ ਮੌਤਾਂ ਦਾ ਮੁੱਖ ਵੱਡਾ ਕਾਰਨ ਕਰੋਨਾ ਮਹਾਂਮਾਰੀ ਕਾਰਣ ਕੰਮ ਬੰਦ ਹੋਣਾ ਹੈ।ਇਸ ਪ੍ਰੇਸ਼ਾਨੀ ਦੇ ਚੱਲਦਿਆਂ ਬਹੁਤ ਸਾਰੇ ਨੌਜਵਾਨ ਜਾਂ ਤਾਂ ਆਤਮ ਹੱਤਿਆ ਕਰ ਰਹੇ ਹਨ ਜਾਂ ਛੋਟੀ ਉਮਰ `ਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ।
               ਇਸ ਦੌਰਾਨ ਮ੍ਰਿਤਕ ਦੇ ਪਿੰਡ ਦੇ ਸਰਪੰਚ ਬਲਬੀਰ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਜੋਗਰਾਜ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ. ਐਸ.ਪੀ ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ।ਉਨਾਂ ਕਿਹਾ ਕਿ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਉਹ ਆਪਣੇ ਪੁੱਤ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸੀ।
                   ਜ਼ਿਕਰਯੋਗ ਹੈ ਕਿ ਮ੍ਰਿਤਕ ਦੇਹ ਭਾਰਤ ਭੇਜਣ `ਚ ਡਾ. ਉਬਰਾਏ ਤੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਅਤੇ ਭਾਰਤੀ ਦੂਤਾਵਾਸ ਦੀ ਭੂਮਿਕਾ ਅਹਿਮ ਰਹੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …