Thursday, September 19, 2024

ਲੌਂਗੋਵਾਲ ਨੇ ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਪ੍ਰਗਟਾਇਆ ਦੁੱਖ

ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ, ਮੋਗਾ ’ਚ ਵਾਪਰੀ ਘਟਨਾ ਨੂੰ ਵੀ ਕਿਹਾ ਮੰਦਭਾਗਾ
ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਪੈਂਦੇ ਪਿੰਡ ਸੰਤ ਨਗਰ (ਢਾਣੀ ਚੇਲੇਵਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਟੀਮ ਤੁਰੰਤ ਮੌਕੇ ’ਤੇ ਭੇਜੀ ਗਈ ਸੀ। ਜਿਸ ਵੱਲੋਂ ਮੁਕੰਮਲ ਜਾਣਕਾਰੀ ਪ੍ਰਾਪਤ ਕਰਕੇ ਪੁਲਿਸ ਪਾਸ ਸ਼ਿਕਾਇਤ ਦਰਜ਼ ਕਰਵਾ ਦਿੱਤੀ ਗਈ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਤਿਕਾਰ ਸਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ।ਦੱਸਣਯੋਗ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਲੌਂਗੋਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਕੇ ਇਸ ਪਿੱਛੇ ਦੋਸ਼ੀਆਂ ਦੀ ਮਨਸ਼ਾ ਨੂੰ ਸਭ ਦੇ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
                     ਇਸੇ ਦੌਰਾਨ ਲੌਂਗੋਵਾਲ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸੁਚੇਤ ਕੀਤਾ ਜਾਂਦਾ ਹੈ। ਪਰ ਫਿਰ ਵੀ ਅਜਿਹੀਆਂ ਘਟਨਾਵਾਂ ਦਾ ਵਾਪਰ ਜਾਣਾ ਵੱਡੀ ਅਣਗਹਿਲੀ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਪਾਲਕੀ ਸਾਹਿਬ ਅਤੇ ਸੁਖਆਸਣ ਅਸਥਾਨ ਨੇੜੇ ਬਿਜਲੀ ਯੰਤਰਾਂ ਦੀ ਵਰਤੋਂ ਨਾ ਕਰਨ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …