Thursday, April 16, 2026

ਧਰਮਸੋਤ ਦੀ ਬਰਖਾਸਤੀ ਨੂੰ ਲੈ ਕੇ ‘ਆਪ’ ਨੇ ਕੀਤਾ ਰੋਸ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਨੂੰ ਭੇਜਿਆ ਮੰਗ ਪੱਤਰ

ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜੀਫਾ) ਸਕੀਮ ‘ਚ 63.91 ਕਰੋੜ ਰੁਪਏ ਦੇ ਵੱਡੇ ਘਪਲੇ ‘ਚ ਘਿਰੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖਾਸਤ ਕਰਕੇ ਪੂਰੇ ਗ੍ਰੋਹ ਵਿਰੁੱਧ ਮੁਕੱਦਮਾ ਦਰਜ਼ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਂਗਰਸ ਸਰਕਾਰ ਨੂੰ ਦਲਿਤ ਵਿਰੋਧੀ ਸਰਕਾਰ ਦੱਸਿਆ।
                 ਰੋਸ-ਮੁਜ਼ਾਹਰੇ ਦੀ ਅਗਵਾਈ ਸੋਰਭ ਬਹਿਲ ਨੇ ਕੀਤੀ ਅਤੇ ਇਸ ਮੌਕੇ ਲਾਲ ਚੰਦ ਕਟਾਰੂਚੱਕ, ਨਰਿੰਦਰ ਕੁਮਾਰ, ਚੌਧਰੀ ਰਮੇਸ਼, ਅਮਰਜੀਤ ਸਿੰਘ, ਡਾ. ਵਿਨੋਦ ਸਥਾਨਕ ਆਗੂ ਅਤੇ ਵਰਕਰ ਸਮਰਥਕ ਮੌਜ਼ੂਦ ਸਨ।ਇਸ ਉਪਰੰਤ ‘ਆਪ’ ਆਗੂਆਂ ਨੇ ਮੰਤਰੀ ਦੀ ਬਰਖਾਸਤਗੀ ਬਾਰੇ ਪੰਜਾਬ ਦੇ ਰਾਜਪਾਲ ਦੇ ਨਾਂ ਲਿਖਿਆ ਮੰਗ ਪੱਤਰ ਐਸ.ਡੀ.ਐਮ ਸੁਰਿੰਦਰ ਪਾਲ ਸਿੰਘ ਨੂੰ ਸੌਂਪਿਆ।
               ਸੋਰਭ ਬਹਿਲ ਨੇ ਮੁੱਖ ਮੰਤਰੀ ‘ਤੇ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਵਜੀਫਾ ਘੁਟਾਲੇ ਦੀ ਜਾਂਚ ਹੁਣ ਮੁੱਖ ਸਕੱਤਰ ਤੋਂ ਕਰਾਏ ਜਾਣ ਦਾ ਐਲਾਨ ਕਰਕੇ ਰਾਜਾ ਅਮਰਿੰਦਰ ਸਿੰਘ ਮਾਮਲਾ ਲਟਕਾਉਣ ਅਤੇ ਧਰਮਸੋਤ ਨੂੰ ਕਲੀਨ-ਚਿੱਟ ਦੇਣ ਵੱਲ ਤੁਰ ਪਏ ਹਨ।ਉਨ੍ਹਾਂ ਪੂਰੇ ਵਜ਼ੀਫੇ ਘੋਟਾਲੇ ਦੀ ਜਾਂਚ ਮਾਨਯੋਗ ਹਾਈਕੋਰਟ ਦੇ ਮੌਜ਼ੂਦਾ ਜੱਜਾਂ ਦੀ ਨਿਗਰਾਨੀ ਹੇਠ ਸੀ.ਬੀ.ਆਈ ਜਾਂ ਕਿਸੇ ਵੀ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ।
                  ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਫੈਸਲਾ ਪੰਜਾਬ ਖਾਸਕਰ ਉਨ੍ਹਾਂ ਲੱਖਾਂ ਦਲਿਤ ਵਿਦਿਆਰਥੀਆਂ ਨਾਲ, ਨਾਲ ਦੋਹਰਾ ਧੋਖਾ ਹੈ।ਉਨ੍ਹਾਂ ਨੇ ਸੱਤਾਧਾਰੀ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਪੁੱਛਿਆ ਕਿ ਮੰਤਰੀ ਦੀ ਕੁਰਸੀ ‘ਤੇ ਬੈਠੇ ਹੋਏ ਆਗੂ ਦੇ ਖਿਲਾਫ ਮੁੱਖ ਸਕੱਤਰ ਦੁਆਰਾ ਨਿਰਪੱਖ ਜਾਂਚ ਕਿਵੇਂ ਕੀਤੀ ਜਾ ਸਕਦੀ ਹੈ ?
                 ਨਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਕਿਸੇ ਵਧੀਕ ਮੁੱਖ ਸਕੱਤਰ ਦੁਆਰਾ ਦਸਤਾਵੇਜ਼ੀ ਸਬੂਤਾਂ ਨਾਲ ਕੀਤੀ ਗਈ ਵਿਸਥਾਰਤ ਜਾਂਚ ‘ਤੇ ਭਰੋਸਾ ਨਹੀਂ ਕਰਦੇ ਤਾਂ ਇਸ ਘੁਟਾਲੇ ਦੀ ਜਾਂਚ ਸੀ.ਬੀ.ਆਈ ਜਾਂ ਕਿਸੇ ਕੇਂਦਰੀ ਏਜੰਸੀ ਨੂੰ ਮਾਨਯੋਗ ਹਾਈਕੋਰਟ ਦੇ ਮੌਜ਼ੂਦਾ ਜੱਜ ਦੀ ਨਿਗਰਾਨੀ ਹੇਠ ਸੌਂਪਣੀ ਚਾਹੀਦੀ ਹੈ।
                 ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਇਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ ਘੁਟਾਲਿਆਂ ਦੀ ਜਾਂਚ ਦਾ ਦਾਇਰਾ ਸਾਲ 2012-13 ਤੱਕ ਵਧਾਇਆ ਜਾਵੇ।ਕਿਉਂਕਿ ਸਾਬਕਾ ਅਕਾਲੀ ਭਾਜਪਾ ਸਰਕਾਰ ਸਮੇਂ ਵੀ ਇਸ ਸਕੀਮ ਵਿੱਚ 1200 ਕਰੋੜ ਤੋਂ ਵੀ ਵੱਧ ਦੇ ਕਈ ਘੁਟਾਲੇ ਹੋਏ ਹਨ, ਜਿਨ੍ਹਾਂ ਨੂੰ ਉਚ ਪੱਧਰੀ ਮਿਲੀਭੁਗਤ ਨਾਲ ਦਬਾ ਦਿੱਤਾ ਹੈ।
                     ‘ਆਪ’ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਭ੍ਰਿਸ਼ਟ ਮੰਤਰੀ ਨੂੰ ਗੱਦੀਓਂ ਲਾਹ ਕੇ ਉਸ ਖਿਲਾਫ ਮੁਕੱਦਮਾ ਦਰਜ਼ ਨਹੀਂ ਕੀਤਾ ਜਾਂਦਾ ਤਾਂ ‘ਆਪ’ ਸਰਕਾਰ ਦੇ ਨੱਕ ‘ਚ ਦਮ ਕਰ ਦੇਵੇਗੀ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …