ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਝੋਨੇ ਦੀ ਸੁਚੱਜੀ ਖਰੀਦ ਯਕੀਨੀ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ ‘ਤੇ
ਜ਼ਿਲਾ ਅੰਮ੍ਰਿਤਸਰ ‘ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਜੋ ਪਹਿਲਾਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਸੀ।ਉਹ ਹੁਣ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ 27 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 28 ਸਤੰਬਰ ਤੱਕ ਮੰਡੀਆਂ ਵਿੱਚ 4275 ਮੀਟਰਿਕ ਟਨ ਆਮਦ ਹੋਈ ਹੈ ਤੇ ਵੱਖ-ਵੱਖ ਏਜੰਸੀਆਂ ਵਲੋਂ 3487 ਮੀਟਰਿਕ ਟਨ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਂਦੇ ਹੋਏ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਤੋਂ ਜਾਰੀ ਪੱਤਰ ਮੁਤਾਬਿਕ ਸਰਕਾਰੀ ਏਜੰਸੀਆਂ ਵਲੋਂ ਝੋਨੇ ਦੀ ਖਰੀਦ 27 ਸਤੰਬਰ ਤੋਂ ਆਰੰਭ ਕਰਨ ਦੀ ਪ੍ਰਵਾਨਗੀ ਭਾਰਤ ਸਰਕਾਰ ਵਲੋਂ ਦਿੱਤੀ ਗਈ ਹੈ।ਖਹਿਰਾ ਨੇ ਦੱਸਿਆ ਕਿ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ ਅਤੇ ਇਕ ਪਾਸ ਤੇ ਇੱਕ ਟਰਾਲੀ, ਡਰਾਈਵਰ ਤੇ ਹੈਲਪਰ ਨੂੰ ਹੀ ਮੰਡੀ ਵਿੱਚ ਜਾਣ ਦੀ ਆਗਿਆ ਹੋਵੇਗੀ।ਉਨਾਂ ਦੱਸਿਆ ਕਿ ਇਨਾਂ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜਿਲੇ ਦੀਆਂ ਸਮੂਹ ਮੰਡੀਆਂ ਵਿੱਚ ਸੈਕਟਰ ਅਫ਼ਸਰ ਨਿਯੁੱਕਤ ਕੀਤੇ ਗਏ ਹਨ।ਉਨਾਂ ਕਿਹਾ ਕਿ ਕਿਸੇ ਵੀ ਖਰੀਦ ਕੇਂਦਰ ਵਿੱਚ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸਬੰਧਤ ਸੈਕਟਰ ਅਫਸਰ ਸੰਬੰਧਤ ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਹੱਲ ਕਰਨਾ ਯਕੀਨੀ ਬਣਾਏਗਾ।ਡਿਪਟੀ ਕਮਿਸ਼ਨਰ ਨੇ ਮੰਡੀਆਂ ਦੀ ਸਾਫ਼ ਸਫ਼ਾਈ, ਬਿਜਲੀ, ਪਾਣੀ, ਬੈਠਣ ਵਿਵਸਥਾ ਆਦਿ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਜ਼ਿਲਾ ਮੰਡੀ ਅਫ਼ਸਰ ਨੂੰ ਸਮੁੱਚੀ ਦੇਖ-ਰੇਖ ਦੀ ਹਦਾਇਤ ਕੀਤੀ।ਉਨਾਂ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਮੰਡੀਆਂ ਵਿੱਚ ਕੋਵਿਡ ਸਬੰਧੀ ਸਿਹਤ ਸਲਾਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਹੱਥ ਧੋਣ ਲਈ ਸਾਬਣ ਅਤੇ ਸੈਨੇਟਾਈਜ਼ਰ, ਮਾਸਕ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਏਜੰਸੀਆਂ ਨੂੰ ਹਦਾਇਤ ਕੀਤੀ ਕਿ 24 ਘੰਟਿਆਂ ਦੇ ਅੰਦਰ ਅੰਦਰ ਝੋਨੇ ਦੀ ਲਿਫਟਿੰਗ ਹੋ ਜਾਣੀ ਚਾਹੀਦੀ ਹੈ ਤਾਂ ਜੋ ਕਿ ਮੰਡੀਆਂ ਵਿੱਚ ਸਮਰੱਥਾ ਅਨੁਸਾਰ ਹੀ ਝੋਨੇ ਦੀ ਆਮਦ ਹੋ ਸਕੇ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਖਾ ਕੇ ਹੀ ਲਿਆਉਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ, ਐਸ.ਡੀ.ਐਮ ਅੰਮ੍ਰਿਤਸਰ-2 ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਮਜੀਠਾ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਅਜਨਾਲਾ ਦੀਪਕ ਭਾਟੀਆ, ਜ਼ਿਲਾ ਫੂਡ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਅਤੇ ਮੰਡੀ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media