ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਤੋਂ ਹਰ ਕੋਈ ਵੇਖ ਸਕੇਗਾ ਜਾਂਚ ਰਿਪੋਰਟ
ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ
ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ।ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।ਜਾਂਚ ਰਿਪੋਰਟ ਦਾ ਉਹ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈਬਸਾਈਟ ’ਤੇ ਪਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇੱਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰਕੇ ਵੈਬਸਾਈਟ ’ਤੇ ਪਾਇਆ ਜਾਵੇਗਾ।ਇਹ ਰਿਪਰੋਟ ਭਲਕ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ।ਲੌਂਗੋਵਾਲ ਅਨੁਸਾਰ ਰਿਪੋਰਟ ਦੇ ਪਹਿਲੇ ਭਾਗ ਵਿੱਚ ਲਗਭਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ਵਿਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media