ਲਾਕ ਡਾਊਨ ਦੀ ਆੜ ‘ਚ ਲੱਖਾਂ ਆਸਾਮੀਆਂ ਦਾ ਭੋਗ ਪਾਇਆ ਜਾ ਰਿਹਾ ਹੈ- ਆਗੂ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਵਲੋਂ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦੀ ਸਫ਼ਲਤਾ ਲਈ
ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜਿਲ੍ਹਾ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ।ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜਨਰਲ ਸਕੱਤਰ ਨਰਿੰਦਰ ਸਿੰਘ, ਜੀ.ਟੀ.ਯੂ ਦੇ ਪ੍ਰਧਾਨ ਮੰਗਲ ਸਿੰਘ ਟਾਂਡਾ, ਪੀ. ਡਬਲਿਊ.ਡੀ ਫੀਲਡ ਵਰਕਸ਼ਾਪ ਯੂਨੀਅਨ ਦੇ ਜਤਿੰਦਰ ਸਿੰਘ ਔਲਖ, ਆਂਗਨਵਾੜੀ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਮਨਿੰਦਰ ਕੌਰ ਗਹਿਰੀ ਮੰਡੀ ਅਤੇ ਦਰਜ਼ਾ ਚਾਰ ਯੂਨੀਅਨ ਦੇ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਨਤਕ ਖੇਤਰ ਅਤੇ ਸਰਕਾਰੀ ਵਿਭਾਗਾਂ ਨੂੰ ਕੌਡੀਆਂ ਦੇ ਭਾਅ ਬਹੁਕੌਮੀ ਕੰਪਨੀਆਂ ਅਤੇ ਰਾਜ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ।ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਗੁਲਾਮਾਂ ਵਾਲਾ ਦਰਜ਼ਾ ਦਿੱਤਾ ਜਾ ਰਿਹਾ ਹੈ ਅਤੇ ਲਾਕਡਾਊਨ ਦੀ ਆੜ ‘ਚ ਲੱਖਾਂ ਆਸਾਮੀਆਂ ਦਾ ਭੋਗ ਪਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਸੰਸਦ ਵਿੱਚ ਧੱਕੇ ਨਾਲ ਪਾਸ ਕਰਵਾ ਕੇ ਕਾਨੂੰਨਾਂ ਦਾ ਰੂਪ ਦੇ ਦਿੱਤਾ ਗਿਆ ਹੈ।ਇਸ ਲਈ ਸਰਕਾਰਾਂ ਦੇ ਇਹਨਾਂ ਲੋਕ ਵਿਰੋਧੀ ਫੈਸਲਿਆਂ ਖਿਲਾਫ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪ੍ਰੇਮ ਚੰਦ ਅਜਾਦ, ਸੁੱਚਾ ਸਿੰਘ ਟਰਪਈ, ਸਵਿੰਦਰ ਸਿੰਘ ਭੱਟੀ, ਅੰਗਰੇਜ ਸਿੰਘ ਅਤੇ ਇੰਦਰਜੀਤ ਰਿਸ਼ੀ ਆਦਿ ਨੇ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਵਿੱਚ ਕੀਤੀਆ ਸੋਧਾਂ ਰੱਦ ਕੀਤੀਆਂ ਜਾਣ । ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ।ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ।ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਵਲੋਂ ਉਪਰੋਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਜਤਿਨ ਸ਼ਰਮਾ, ਬਲਵਿੰਦਰ ਸਿੰਘ ਭੱਟੀ, ਹਰਦੇਵ ਸਿੰਘ ਮਟੀਆ, ਰਵੀ ਕੁਮਾਰ ਸੰਜੀਵ ਕੁਮਾਰ, ਜਸਪਾਲ ਸਿੰਘ, ਰਾਜਾ ਸਿੰਘ, ਨਿਰਮਲ ਭੋਮਾ, ਅਵਤਾਰਜੀਤ ਸਿੰਘ, ਰਸਾਲ ਸਿੰਘ, ਪਵਨ ਕੁਮਾਰ ਨੇ ਸੰਬੋਧਨ ਕੀਤਾ।
Punjab Post Daily Online Newspaper & Print Media