ਭਲਕੇ 14 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂ ਦੇਣਗੇ ਸੰਦੇਸ਼
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ
ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।ਲੌਂਗੋਵਾਲ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ।ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ’ਤੇ ਜਿਥੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ।ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਤੇ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ।
ਇਸੇ ਦੌਰਾਨ ਅੱਜ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਹੋਏ।ਭਲਕੇ 14 ਨਵੰਬਰ ਨੂੰ ਕਵੀ ਦਰਬਾਰ, ਕਵੀਸ਼ਰ ਦਰਬਾਰ ਅਤੇ ਰਾਤ ਸਮੇਂ ਢਾਡੀ ਦਰਬਾਰ ਹੋਵੇਗਾ।ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਭਲਕੇ 14 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਗੁਰਮਤਿ ਵਿਚਾਰ ਸਾਂਝੇ ਕਰਨਗੀਆਂ।ਰਾਤ ਸਮੇਂ ਦੀਪਮਾਲਾ ਅਤੇ ਸੰਕੇਤਕ ਰੂਪ ਵਿਚ ਆਤਿਸ਼ਬਾਜ਼ੀ ਵੀ ਹੋਵੇਗੀ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media