ਲੌਂਗੋਵਾਲ ਨੇ ਸੰਗਤ ਨੂੰ ਸਮਾਗਮ ’ਚ ਉਤਸ਼ਾਹ ਨਾਲ ਪੁੱਜਣ ਦੀ ਕੀਤੀ ਅਪੀਲ
ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਮੁੱਖ ਸਮਾਗਮ ਭਲਕੇ 17
ਨਵੰਬਰ ਨੂੰ ਹੋਵੇਗਾ।ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਹ ਸਮਾਗਮ ਸਵੇਰੇ 10:30 ਵਜੇ ਤੋਂ 2:30 ਵਜੇ ਤੱਕ ਸਜਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਦੀ ਸਥਾਪਨਾ ਸ਼ਤਾਬਦੀ ਦਾ ਸਮਾਗਮ ਯਾਦਗਾਰੀ ਹੋਵੇਗਾ।ਸ਼ਤਾਬਦੀ ਸਮਾਗਮ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ ਅਤੇ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਅਤੇ ਢਾਡੀ ਜਥੇ ਵੀ ਹਾਜ਼ਰੀ ਭਰਨਗੇ।ਉਨ੍ਹਾਂ ਸੰਗਤ ਨੂੰ ਸਮਾਗਮ ਵਿਚ ਉਤਸ਼ਾਹ ਨਾਲ ਪੁੱਜਣ ਦੀ ਅਪੀਲ ਵੀ ਕੀਤੀ।ਕਮੇਟੀ ਪ੍ਰਧਾਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸ਼ਤਾਬਦੀ ਸਬੰਧੀ ਲਗਾਈ ਗਈ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਵਿਚ ਵੀ ਹਾਜ਼ਰੀ ਭਰੀ। ਦੱਸਣਯੋਗ ਹੈ ਕਿ ਇਹ ਚਿੱਤਰ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਦੇ 31 ਚਿੱਤਰਕਾਰਾਂ ਦੀ ਵਰਕਸ਼ਾਪ ਲਗਾ ਕੇ ਤਿਆਰ ਕੀਤੀ ਗਈ ਹੈ।ਇਨ੍ਹਾਂ ਤਿਆਰ ਕੀਤੇ ਗਏ ਚਿੱਤਰਾਂ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਅਤੇ ਲੱਗੇ ਮੋਰਚਿਆਂ ਨੂੰ ਬਿਆਨਿਆ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media