ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ
ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵਿਭਾਗ ਵਲੋਂ ਪੇਂਡੂ ਖੇਤਰਾਂ ਵਿਚ `ਸਮਾਰਟ ਵਿਲੇਜ਼` ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਵਿਚ ਵੀ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰਟ ਵਿਲੇਜ਼, ਮਨਰੇਗਾ ਤੇ 15 ਵੇਂ ਵਿੱਤ ਕਮਿਸ਼ਨ ਵਲੋਂ ਜਾਰੀ ਗਰਾਂਟਾਂ ਨਾਲ ਸ਼ੁਰੂ ਕੀਤੇ ਵਿਕਾਸ ਕੰਮ ਸਮੇਂ ਸਿਰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਏ ਜਾਣ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਨਰੇਗਾ ਤਹਿਤ ਯੋਜਨਾਵਾਂ ਦਾ ਪੂਰਾ ਲਾਹਾ ਲੈਣ ਲਈ ਗਰਾਂਟਾਂ ਦੀ 100 ਫੀਸਦੀ ਵਰਤੋਂ ਕੀਤੀ ਜਾਵੇ।
ਠੋਸ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਹਰੇਕ ਬਲਾਕ ਵਿਚ ਸ਼ੁਰੂ ਕੀਤੇ ਪ੍ਰਾਜੈਕਟਾਂ ਨੂੰ ਮਿਸਾਲੀ ਤੌਰ `ਤੇ ਕਾਮਯਾਬ ਕਰਨ ਦੀ ਗੱਲ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੰਮਾਂ ਦੀ ਬੀ.ਡੀ.ਪੀ.ਓ ਪੱਧਰ `ਤੇ ਖੁਦ ਨਿਗਰਾਨੀ ਕੀਤੀ ਜਾਵੇ। ਇਸ ਤੋਂ ਇਲਾਵਾ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਵੀ ਤੇਜ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ।ਅਨੇਕਾਂ ਬਲਾਕਾਂ ਵਲੋਂ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮਾਂ ਨਾ ਕਰਵਾਉਣ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਸਰਟੀਫਿਕੇਟ ਜਮਾਂ ਕਰਵਾਏ ਜਾਣ।
ਇਸ ਮੌਕੇ ਜਿਲਾ ਪੇਂਡੂ ਵਿਕਾਸ ਤੇ ਪੰਚਾਇਤ ਅਫਸਰ ਲਖਵਿੰਦਰ ਸਿੰਘ, ਸੁਪਰਡੈਂਟ ਸਾਹਿਬ ਉਬਰਾਏ ਤੇ ਵੱਖ-ਵੱਖ ਬਲਾਕਾਂ ਦੇ ਬੀ ਡੀ.ਪੀ.ਓ ਹਾਜ਼ਰ ਸਨ।
Punjab Post Daily Online Newspaper & Print Media