ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ
ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਰ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਦਇਆ ਸਿੰਘ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਨਾਂ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ‘ਚ ਲੰਮੇ ਅਰਸੇ ਤੋਂ ਕਈ ਸਿੱਖ ਨਜ਼ਰਬੰਦ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਲਾਨ ਕੀਤਾ ਸੀ, ਪ੍ਰੰਤੂ ਇਸ ਨੂੰ ਪੂਰਨ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ।ਲੌਂਗੋਵਾਲ ਨੇ ਮੰਗ ਕੀਤੀ ਕਿ ਦੇਸ਼ ਦੀਆਂ ਜ਼ੇਲ੍ਹਾਂ ਅੰਦਰ ਸਿੱਖ ਸੰਘਰਸ਼ ਨਾਲ ਸਬੰਧਤ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਲਖਮੀਰ ਸਿੰਘ ਕੋਟ ਸ਼ਮੀਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰਜੀਤ ਸਿੰਘ, ਚੀਫ਼ ਅਕਾਊਂਟੈਂਟ ਮਿਲਖਾ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ ਸਮੇਤ ਭਾਈ ਦਿਆ ਸਿੰਘ ਲਾਹੌਰੀਆ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media