ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ
ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁੱਕਤ ਸਹਿ ਇੰਚਾਰਜ਼ ਅਤੇ ਦਿੱਲੀ ਤੋਂ ਵਿਧਾਇਕ ਰਾਘਵ
ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਪੰਜਾਬ ਦੇ ਦੌਰੇ ‘ਤੇ ਆਏ।ਅੰਮਿਰਤਸਰ ਦੇ ਏਅਰਪੋਰਟ ਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਰਾਘਵ ਚੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ, ਪੰਜਾਬੀਅਤ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਤੋਂ ਬਆਦ ਉਨਾਂ ਨੇ ਸ੍ਰੀ ਦੁਰਗਿਆਣਾ ਮੰਦਰ ‘ਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਰਾਘਵ ਚੱਢਾ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਅੱਜ ਕੜਾਕੇ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਜੋ ਕਿਸਾਨ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ, ਉਨ੍ਹਾਂ ਦੀਆਂ ਛੇਤੀ ਮੰਗਾਂ ਮੰਨੀਆਂ ਜਾਣ।ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ‘ੁਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੇ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਰੂਬੀ, ਜੈ ਕਿ੍ਰਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਜ ਗਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਸਥਾਨਕ ਆਗੂ ਅਤੇ ਵੱਡੀ ਗਿਣਤੀ ‘ਚ ਵਲੰਟੀਅਰ ਵੀ ਹਾਜ਼ਰ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਕਰਦਿਆਂ ਵੱਡੀ ਜਿੰਮੇਵਾਰੀ ਨਾਲ ਨਿਵਾਜ਼ਿਆ ਹੈ, ਇਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਸ ਸਮੇਂ ਇਕ ਨਵੀਂ ਦਿਸ਼ਾ ਦੀ ਲੋੜ ਹੈ ਸੋ ਆਮ ਆਦਮੀ ਪਾਰਟੀ ਭਵਿੱਖ ਵਿਚ ਇਸ ਖੱਪੇ ਨੂੰ ਭਰ ਕੇ ਨਵੇਂ ਪੰਜਾਬ ਦੇ ਨਿਰਮਾਣ ਵੱਲ ਕਦਮ ਪੁੱਟੇਗੀ।
Punjab Post Daily Online Newspaper & Print Media