ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ
ਅਤੇ ਇਨਾਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਅਤੇ ਹੋਰਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਦੇ ਕਪੂਰਥਲਾ ਵਿਖੇ ਕਰਵਾਏ ਗਏ ਵਰਚੂਅਲ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਫਰਵਰੀ 2021 ਤੋਂ ਪੰਜਾਬ ਵਿਚ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਾਰੇ ਕਾਰੋਬਾਰੀ ਜਿਨਾਂ ਦੀਆਂ ਅਸੈਸਮੈਂਟਸ 31 ਦਸੰਬਰ, 2020 ਤੱਕ ਕੀਤੀਆਂ ਜਾ ਚੁੱਕੀਆਂ ਹਨ, ਉਹ 30 ਅਪ੍ਰੈਲ ਤੱਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ।ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫਾਰਮ ਜਿਵੇਂ ਸੀ-ਫਾਰਮ ਵੀ ਜਮਾਂ ਕਰਵਾ ਸਕਦਾ ਹੈ ਜੋ ਕਿ ਅਸੈਸਮੈਂਟ ਦੇ ਸਮੇਂ ਐਪਲੀਕੇਸਨ ਫਾਰਮ ਦੇ ਨਾਲ ਨਹੀਂ ਦਿੱਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ-ਅਸੈਸਮੈਂਟ ਕਰਨੀ ਹੋਵੇਗੀ ਅਤੇ ਨਿਪਟਾਰੇ ਦੇ ਨਤੀਜੇ ਵਜੋਂ ਦੇਣਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮਾਂ ਕਰਵਾਉਣੇ ਹੋਣਗੇ।ਸਬੰਧਤ ਵਾਰਡ ਇੰਚਾਰਜ਼ ਨਿਪਟਾਰੇ ਦਾ ਹੁਕਮ ਜਾਰੀ ਕਰੇਗਾ ਜਿਸਨੂੰ ਕਿਸੇ ਵੀ ਤਰਾਂ ਦੀ ਸਮੀਖਿਆ ਜਾਂ ਸੁਧਾਈ ਦੇ ਤੌਰ ‘ਤੇ ਦੁਬਾਰਾ ਨਹੀਂ ਖੋਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਕਾਰੋਬਾਰੀਆਂ ਨੂੰ ਜ਼ੁਰਮਾਨੇ ਤੋਂ ਇਲਾਵਾ ਟੈਕਸ ਤੋਂ ਵੀ ਛੋਟ ਮਿਲੇਗੀ।ਉਨਾਂ ਕਿਹਾ ਕਿ ਜ਼ਿਲੇ ਵਿਚ ਇਸ ਸਕੀਮ ਤਹਿਤ ਆਉਣ ਵਾਲੇ ਹਰ ਯੋਗ ਕਾਰੋਬਾਰੀ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਹੋਰਨਾਂ ਭਲਾਈ ਸਕੀਮਾਂ ਨੂੰ ਵੀ ਪਾਰਦਰਸ਼ੀ ਤਰੀਕੇ ਨਾਲ ਪੂਰੇ ਜ਼ਿਲੇ ’ਚ ਲਾਗੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਜਿਲਾ ਖੁਰਾਕ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ, ਰਾਹੁਲ ਭਾਟੀਆ ਸਹਾਇਕ ਕਮਿਸ਼ਨਰ ਆਬਕਾਰੀ ਹਾਜ਼ਰ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media