ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸੂਬਾ ਚੋਣ ਕਮਿਸ਼ਨ ਵਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ
ਬਾਅਦ ਰਮਦਾਸ, ਅਜਨਾਲਾ, ਰਈਆ, ਜੰਡਿਆਲਾ, ਮਜੀਠਾ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਤੇ ਨਗਰ ਨਿਗਮ ਦੀ ਵਾਰਡ ਨੰ: 37 ਦੀਆਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ਼ ਮੁਕੰਮਲ ਕਰਵਾਇਆ ਜਾਵੇਗਾ।ਇਨ੍ਹਾਂ ਚੋਣਾਂ ਲਈ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਰਣਬੀਰ ਸਿੰਘ ਮੁੱਧਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ।ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ।
ਮੁੱਧਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।ਯੋਗਤਾ ਮਿਤੀ 01-01-2020 ਅਨੁਸਾਰ ਇਨ੍ਹਾਂ ਚੋਣਾਂ ਲਈ ਵੋਟਾਂ ਵਾਲੇ ਸ਼ਹਿਰਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।ਕੋਵਿਡ-19 ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।
ਇਸ ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਰਜਤ ਓਬਰਾਏ, ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ.ਡੀ.ਐਮ ਅਜਨਾਲਾ ਦੀਪਕ ਭਾਟੀਆ, ਐਸ.ਡੀ.ਐਮ ਮਜੀਠਾ ਮੈਡਮ ਅਨਾਇਤ ਗੁਪਤਾ, ਏ.ਡੀ.ਸੀ.ਪੀ ਹਰਪਾਲ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਮੈਡਮ ਜਸਜੀਤ ਕੋਰ, ਕਾਰਜਕਾਰੀ ਅਫਸਰ ਜੰਡਿਆਲਾ, ਜਗਤਾਰ ਸਿੰਘ, ਤਹਿਸੀਲਦਾਰ ਅਜਨਾਲਾ ਹਰਫੂਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media