Sunday, December 22, 2024

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ

400 ਸਾਲਾ ਮੌਕੇ ਡਾਕ ਟਿਕਟ, ਸਿੱਕਾ ਤੇ ਚਿੱਠੀ ਪੱਤਰ ਲਈ ਲਿਫਾਫਾ ਜਾਰੀ ਕਰੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਇਤਿਹਾਸਕ ਡਾਇਰੀ ਅਤੇ ਬੱਚਿਆਂ ਲਈ ਸਚਿੱਤਰ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
              ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਨਵੀਆਂ ਖੋਜ ਭਰਪੂਰ ਕਿਤਾਬਾਂ ਵੀ ਛਾਪੀਆਂ ਜਾਣਗੀਆਂ।ਖਾਸਕਰ ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ।400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ।ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ।
           ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸ ਬੋਰਡ ਦੀ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਸੰਕਲਿਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।ਇਸ ਤੋਂ ਪਹਿਲਾਂ 50 ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਜਾ ਰਿਹਾ ਹੈ।ਇਸ ਤੋਂ ਅਗਲੇ ਪੰਜਾਹ ਸਾਲਾਂ ਦੇ ਇਤਿਹਾਸ ਨੂੰ ਇਕੱਠਾ ਕਰਕੇ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸੰਸਥਾ ਦੀ ਦੇਣ ਬਾਰੇ ਸੰਗਤਾਂ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਤਿਹਾਸ ਨਾਲ ਸਬੰਧਤ ਪੁਸਤਕਾਂ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਉਪਲੱਬਧ ਹੋਣਗੀਆਂ, ਜਿਥੋਂ ਹਰ ਕੋਈ ਇਨ੍ਹਾਂ ਨੂੰ ਪੜ੍ਹ ਸਕੇਗਾ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਯੋਗਦਾਨ ਪਾਇਆ ਹੈ, ਦੀਆਂ ਡਾਕੂਮੈਂਟਰੀ ਮੁਲਾਕਾਤਾਂ ਰਿਕਾਰਡ ਕੀਤੀਆਂ ਜਾਣਗੀਆਂ। ਇਸ ਦਾ ਮੰਤਵ ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਦੀ ਦੇਣ ਨੂੰ ਸੰਭਾਲਣਾ ਅਤੇ ਇਸ ਤੋਂ ਸਿੱਖ ਨੌਜੁਆਨੀ ਅੰਦਰ ਪ੍ਰੇਰਣਾ ਪੈਦਾ ਕਰਨਾ ਹੈ।
           ਇਕੱਤਰਤਾ ਦੌਰਾਨ ਡਾ. ਪਰਮਵੀਰ ਸਿੰਘ, ਹਰਵਿੰਦਰ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਡਾ. ਅਮਰੀਕ ਸਿੰਘ, ਮਲਕੀਤ ਸਿੰਘ ਬਹਿੜਵਾਲ, ਡਾ. ਜੋਗੇਸ਼ਵਰ ਸਿੰਘ, ਸਤਬੀਰ ਸਿੰਘ, ਬਗੀਚਾ ਸਿੰਘ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …