Sunday, April 19, 2026

ਸਾਕਾ ਤਰਨ ਤਾਰਨ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਬਦੀ ਦਾ ਦੋ ਦਿਨਾ ਸਮਾਗਮ ਸੰਪਨ

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ ਜਥਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਸਾਕਿਆਂ ਨਾਲ ਸਬੰਧਤ ਆ ਰਹੇ ਸ਼ਤਾਬਦੀ ਦਿਹਾੜੇ ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਈ ਜਾਹੋ ਜਲਾਲ ਨਾਲ ਮਨਾਏ ਜਾਣਗੇ ਅਤੇ ਇਸ ਲਹਿਰ ਵਿਚ ਸ਼ਹੀਦ ਹੋਏ ਸਿੱਖਾਂ ਦੇ ਨਗਰਾਂ ਵਿਚ ਵੀ ਸਮਾਗਮ ਕੀਤੇ ਜਾਣਗੇ।
              ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਤਰਨ ਤਾਰਨ ਸਾਹਿਬ ਦੇ ਸ਼ਹੀਦਾਂ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਯਾਦ ਵਿਚ ਤਰਨ ਤਾਰਨ ਦੇ ਨਗਰ ਅਲਾਦੀਨਪੁਰ ਵਿਖੇ ਸ਼ਤਾਬਦੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।ਦੋ ਦਿਨਾਂ ਸਮਾਗਮ ਦੀ ਸਮਾਪਤੀ ਮੌਕੇ ਪੁੱਜੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਿਆਂ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਸਾਕਿਆਂ ਨਾਲ ਸਬੰਧਤ ਆ ਰਹੇ 100 ਸਾਲਾ ਦਿਹਾੜੇ ਵੱਡੇ ਪੱਧਰ ’ਤੇ ਮਨਾਏਗੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਗਲੇ ਮਹੀਨੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੀ ਸ਼ਤਾਬਦੀ ਮੌਕੇ 21 ਫ਼ਰਵਰੀ 2021 ਨੂੰ ਸ੍ਰੀ ਅੰਮ੍ਰਿਤਸਰ ਤੋਂ ਇਲਾਵਾ ਸ਼ਹੀਦ ਭਾਈ ਲਛਮਣ ਸਿੰਘ ਨਾਲ ਸਬੰਧਤ ਨਗਰ ਵਿਖੇ ਵਿਸ਼ਾਲ ਸਮਾਗਮ ਕਰਨ ਦੇ ਨਾਲ-ਨਾਲ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਉਹ ਖੁਦ ਵੀ ਜਾਣਗੇ।
                   ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਹੀ ਹੱਕ ਸੱਚ ਦੀ ਖਾਤਰ ਆਪਣੀਆਂ ਸ਼ਹਾਦਤਾਂ ਦੇਣ ਲਈ ਮੋਹਰੀ ਭੂਮਿਕਾ ਨਿਭਾਈ ਅਤੇ ਗੁਰੂ ਘਰਾਂ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਕੁਰਬਾਨੀਆਂ ਨੇ ਕੌਮ ਨੂੰ ਚੇਤੰਨ ਕੀਤਾ।
                  ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੇ ਜੀਵਨ ਦੀ ਸੇਧ ਵਿਚ ਚੱਲਣ ਦੀ ਪ੍ਰੇਰਣਾ ਕੀਤੀ।ਇਸ ਤੋਂ ਪਹਿਲਾਂ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਸਮੇਂ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਖੁਸ਼ਵਿੰਦਰ ਸਿੰਘ ਭਾਟੀਆ, ਸੁਖਵਰਸ਼ ਸਿੰਘ ਪੰਨੂ, ਦਰਸ਼ਨ ਸਿੰਘ ਸ਼ੇਰਖਾਂ, ਗੁਰਬਚਨ ਸਿੰਘ ਕਰਮੂੰਵਾਲਾ, ਬਲਵਿੰਦਰ ਸਿੰਘ ਵਈਂਪੂਈਂ, ਕੁਲਦੀਪ ਸਿੰਘ ਤੇੜਾ, ਅਮਰਜੀਤ ਸਿੰਘ ਭਲਾਈਪੁਰ, ਸਤਪਾਲ ਸਿੰਘ ਤਲਵੰਡੀ ਭਾਈ, ਬਾਬਾ ਨਿਰਮਲ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਲੱਖ ਸਿੰਘ ਕੋਟੇ ਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਬਾਬਾ ਸੁਖਦੇਵ ਸਿੰਘ ਹੰਸਾਲੀ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਵੀਰ ਸਿੰਘ ਜੀਓਬਾਲਾ, ਗੁਰਿੰਦਰ ਸਿੰਘ ਟੋਨੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਹਰਜੀਤ ਸਿੰਘ ਲਾਲ ੂਘੁੰਮਣ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …