ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ।
ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਰ ਸ਼ਾਮ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅੱਜ ਬਾਅਦ ਦੁਪਹਿਰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਖੇ ਸ਼ਰਧਾਲੂਆਂ ਦੀ ਸਕਿਉਟਰੀ ਅਤੇ ਸੁਰੱਖਿਆ ਦਾ ਮਸਲਾ ਹੈ ਅਤੇ ਮਾਰਚ 2020 ਤੋਂ ਕੋਵਿਡ-19 ਦੇ ਚੱਲਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਮੁਅੱਤਲ ਚੱਲ ਰਹੀ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ, ਕਿਉਂਕਿ ਲੰਘੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਆਰੀਆਂ ਮੁਕੰਮਲ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡ ਦਿੱਤੇ ਗਏ ਹਨ ਤਾਂ ਜਥੇ ’ਤੇ ਰੋਕ ਲਗਾਉਣੀ ਹੈਰਾਨੀਜਨਕ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕਰ ਲਏ ਗਏ ਸਨ।ਕੌਮਾਂਤਰੀ ਸਰਹੱਦ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਬੱਸਾਂ ਦਾ ਵੀ ਪ੍ਰਬੰਧ ਕੀਤਾ ਸੀ।ਇਸ ਤੋਂ ਇਲਾਵਾ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਲੰਗਰ ਅਤੇ ਹੋਰ ਪ੍ਰਬੰਧ ਵੀ ਕੀਤੇ ਗਏ ਸਨ।ਉਨਾਂ ਕਿਹਾ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਅੰਦਰ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕੇ ਦੀ ਇਤਿਹਾਸਕ ਸ਼ਤਾਬਦੀ ਮੌਕੇ ਸ਼ਰਧਾਲੂਆਂ ਨੂੰ ਰੋਕਣਾ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨਾਲ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਭੁਪਿੰਦਰ ਸਿੰਘ ਭਲਵਾਨ, ਮੈਂਬਰ ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਮੁਖਤਾਰ ਸਿੰਘ, ਯੂਥ ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਘੱਟ ਗਿਣਤੀ ਕਮਿਸ਼ਨ ਗੁਜਰਾਤ ਦੇ ਡਾਇਰੈਕਟਰ ਬੀਬੀ ਪਰਮਜੀਤ ਕੌਰ ਛਾਬੜਾ ਅਤੇ ਹੋਰ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …