‘ਹੋਮ ਆਈਸੋਲੇਸ਼ਨ’ ਦੀ ਸਖ਼ਤੀ ਨਾਲ ਪਾਲਣਾ ਅਤੇ ਕੰਟੇਨਮੈਂਟ ਜ਼ੋਨਾਂ ਵਿਚ 100 ਫੀਸਦੀ ਸੈਂਪਲਿੰਗ ਦੇ ਆਦੇਸ਼
ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਵੱਖ-ਵੱਖ
ਦਿਸ਼ਾ ਨਿਰਦੇਸ਼ ਜਾਰੀ ਕੀਤੇ।ਐਸ.ਐਸ.ਪੀ ਅਲਕਾ ਮੀਨਾ ਅਤੇ ਵਿਸ਼ਵ ਸਿਹਤ ਸੰਗਠਨ ਦੇ ਪ੍ਰਤੀਨਿਧੀ ਡਾ. ਗਗਨ ਦੀ ਮੌਜ਼ੂਦਗੀ ‘ਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਾ. ਸ਼ੇਨਾ ਅਗਰਵਾਲ ਨੇ ‘ਹੋਮ ਆਈਸੇਲੇਸ਼ਨ’ ਦੀ ਪਾਲਣਾ ਸਖ਼ਤੀ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਇਸ ਸਬੰਧੀ ਰੋਜ਼ਾਨਾ ਚੈਕਿੰਗ ਕਰਨ ਲਈ ਕਿਹਾ।ਇਸ ਤੋਂ ਇਲਾਵਾ ਉਨ੍ਹਾਂ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕਰਵਾਉਣ ਅਤੇ ਕੰਟੇਨਮੈਂਟ ਜ਼ੋਨਾਂ ਵਿਚ 100 ਫੀਸਦੀ ਸੈਂਪਲਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਕੂਲਾਂ ਵਿਚ ਕੋਵਿਡ ਨਿਯਮਾਂ ਜਿਵੇਂ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਧੋਣ ਜਾਂ ਸੈਨੀਟਾਈਜ਼ ਕਰਨ ਅਤੇ ਸਮਾਜਿਕ ਦੂਰੀ ਰੱਖਣ ਆਦਿ ਦੀ ਪਾਲਣਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਜਿੰਮੇਵਾਰੀ ਅਧਿਆਪਕਾਂ ਦੀ ਹੋਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਸਕੂਲਾਂ ਦੀ ਰੋਜ਼ਾਨਾ ਚੈਕਿੰਗ ਅਤੇ ਹੋਮ ਆਈਸੋਲੇਸ਼ਨ’ ਦੇ ਨਿਯਮ ਤੋੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿਚ ਆ ਰਿਹਾ ਹੈ ਕਿ ਲੋਕ ਕੋਵਿਡ ਸਾਵਧਾਨੀਆਂ ਵਰਤਣ ਪ੍ਰਤੀ ਗੰਭੀਰਤਾ ਨਹੀਂ ਵਿਖਾ ਰਹੇ, ਜੋ ਕਿ ਬਹੁਤ ਸੰਜ਼ੀਦਾ ਮਾਮਲਾ ਹੈ।ਬਿਮਾਰੀ ਹਾਲੇ ਖ਼ਤਮ ਨਹੀਂ ਹੋਈ ਅਤੇ ਇਸ ਨੂੰ ਹਲਕੇ ਵਿਚ ਨਾ ਲੈ ਕੇ ਸਾਰੀਆਂ ਸਾਵਧਾਨੀਆਂ ਵਰਤਣੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਡੀ.ਐਸ.ਪੀ ਦੀਪਿਕਾ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪਵਨ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਮਰੀਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media