ਨਵਾਂਸ਼ਹਿਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਲਗਾਤਾਰ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹਦਾਇਤਾਂ
ਤਹਿਤ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੁਹਿੰਮ ਆਰੰਭੀ ਗਈ ਹੈ।ਇਸੇ ਤਹਿਤ ਨਵਾਂਸ਼ਹਿਰ ਵਿਖੇ ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਇਸ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ-ਕਮ-ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵੱਲੋਂ ਲਿਖਤੀ ਰਿਪੋਰਟ ਪ੍ਰਾਪਤ ਹੋਈ ਸੀ ਕਿ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਦੋ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਕਸ਼ਮੀਰਾ ਅਤੇ ਗੁਰਪਾਲ ਸਿੰਘ ਪੁੱਤਰ ਰਾਮ ਚੰਦ ਵਾਸੀ ਨਵੀਂ ਅਬਾਦੀ ਨਵਾਂਸ਼ਹਿਰ ਵੱਲੋਂ ਕੋਰੋਨਾ ਪਾਜ਼ੇਟਿਵ ਹੋਣ ਉਪਰੰਤ ਜਾਣ ਬੁੱਝ ਕੇ ਆਪਣੇ ਆਪ ਨੂੰ ਆਈਸੋਲੇਟ ਨਾ ਰੱਖ ਕੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਲਈ ਦੋਵਾਂ ਵਿਅਕਤੀਆਂ ਖਿਲਾਫ਼ ਪੁਲਿਸ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਗਿਆ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ’ਤੇ ਫੌਰਨ ਕਾਰਵਾਈ ਕਰਦਿਆਂ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਕਸ਼ਮੀਰਾ ਅਤੇ ਗੁਰਪਾਲ ਸਿੰਘ ਖਿਲਾਫ਼ ਆਈ.ਪੀ.ਸੀ 1860 ਦੀ ਧਾਰਾ 188, 269,270 ਅਤੇ ਐਪੀਡੈਮਿਕ ਡਿਸੀਜ਼ਿਜ਼ ਐਕਟ 1887 ਦੀ ਧਾਰਾ 3 ਤਹਿਤ ਐਫ.ਆਈ.ਆਰ ਨੰ: 47 ਮਿਤੀ 5.3.2021 ਦਰਜ ਕਰ ਕੇ ਮਾਮਲੇ ਦੀ ਜਾਂਚ ਏ.ਐਸ.ਆਈ ਜਸਵਿੰਦਰ ਸਿੰਘ ਨੂੰ ਸੌਂਪੀ ਗਈ ਹੈ।
ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੋਈ ਢਿੱਲ ਨਾ ਵਰਤਣ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਨੂੰ ਇਸ ਸਬੰਧੀ ਬੇਹੱਦ ਸਾਵਧਾਨੀ ਵਰਤਣ ਦੀ ਲੋੜ ਹੈ, ਕਿਉਂਕਿ ਹੋਮ ਆਈਸੋਲੇਸ਼ਨ ਦੀ ਉਲੰਘਣਾ ਕਰ ਕੇ ਉਹ ਹੋਰਨਾਂ ਨੂੰ ਵੀ ਇਸ ਬਿਮਾਰੀ ਦਾ ਸ਼ਿਕਾਰ ਬਣਾ ਸਕਦੇ ਹਨ।ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰਤੀ ਕੋਈ ਲਾਪਰਵਾਹੀ ਨਹੀਂ ਵਰਤੀ ਜਾਣੀ ਚਾਹੀਦੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਕੋਵਿਡ ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ ਅਤੇ 6 ਫੁੱਟ ਦੀ ਦੂਰੀ ਬਣਾਈ ਰੱਖਣ ਦੇ ਨਾਲ-ਨਾਲ ਮਾਸਕ ਪਹਿਨਣਾ ਯਕੀਨੀ ਬਣਾਉਣ ਅਤੇ ਜਨਤਕ ਤੌਰ ’ਤੇ ਨਾ ਥੁੱਕਣ।ਉਨ੍ਹਾਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media