Sunday, April 12, 2026

ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ।ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਪ੍ਰਕਾਸ਼ਿਤ ਕੀਤੇ ਗਏ ਇਸ ਕੈਲੰਡਰ ਵਿਚ ਨੌਵੇਂ ਪਾਤਸ਼ਾਹ ਨਾਲ ਸਬੰਧਤ ਪਾਵਨ ਅਸਥਾਨਾਂ ਦੀਆਂ ਤਸਵੀਰਾਂ ਅੰਕਿਤ ਹਨ।
                 ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਇਸ ਕੈਲੰਡਰ ਅਨੁਸਾਰ ਮਨਾਉਣ।ਉਨ੍ਹਾਂ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਿੱਖ ਪ੍ਰੰਪਰਾ ਅਨੁਸਾਰ ਹਰ ਸਾਲ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਗੁਰਮਤਿ ਸਮਾਗਮ ਕਰਕੇ ਖ਼ੁਸ਼ੀ ਦਾ ਇਜਹਾਰ ਕਰਨ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 1 ਮਈ 2021 ਨੂੰ ਆ ਰਿਹਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵੱਲੋਂ ਖ਼ਾਲਸਈ ਜਾਹੋ-ਜਲਾਲ ਮਨਾਇਆ ਜਾਵੇਗਾ।ਉਨ੍ਹਾਂ ਸਿੱਖ ਸੰਸਥਾਵਾਂ, ਸੰਪ੍ਰਦਾਵਾਂ ਸਮੇਤ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਮਨਾਉਣ ਲਈ ਕਾਰਜਸ਼ੀਲ ਹੋਣ ਅਤੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਮਨੁੱਖਤਾ ਲਈ ਵੱਡੀ ਦੇਣ ਹੈ, ਜਿਸ ਨੂੰ ਘਰ-ਘਰ ਤੱਕ ਪਹੁੰਚਾਉਣਾ ਲਾਜ਼ਮੀ ਹੈ।
                  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਪਰਮਜੀਤ ਸਿੰਘ ਖਾਲਸਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …