ਪੰਜਾਬ, ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸੰਪੂਰਨ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਨਗਰ ਕੀਰਤਨ ਦੀ ਆਰੰਭਤਾ ਖਾਲਸਈ ਜਾਹੋ-ਜਲਾਲ ਨਾਲ ਹੋਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸੇ ਦੌਰਾਨ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਗ੍ਰੰਥੀ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਤਹਿਤ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਦਿੱਲੀ ਤੋਂ ਵਾਪਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਭਲਕੇ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਸਵੇਰੇ 8:30 ਵਜੇ ਹੋਵੇਗੀ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਨੌਵੇਂ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਗੁਰ-ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ।ਪੰਜਾਬ, ਹਰਿਆਣਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਇਹ ਨਗਰ ਕੀਰਤਨ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤ ਅੰਦਰ ਜਾਗਰੂਕਤਾ ਅਤੇ ਪ੍ਰੇਰਣਾ ਪੈਦਾ ਕਰੇਗਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸਮਾਗਮ ਵੀ ਉਲੀਕੇ ਗਏ ਹਨ। ਇਨ੍ਹਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਹੋ ਚੁੱਕੀ ਹੈ। ਇਸੇ ਤਹਿਤ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਦੇ ਗੁਰਮਤਿ ਸਮਾਗਮ ਰੱਖੇ ਗਏ ਹਨ।ਇਸ ਮਗਰੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ ਅਤੇ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ ਨੂੰ ਹੋਵੇਗਾ।ਮੁੱਖ ਸਮਾਗਮ ਤੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਵਿਖੇ ਹਫਤਾ ਭਰ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਸਾਰੇ ਸ਼ਹਿਰ ਨੂੰ ਰੁਸ਼ਨਾਇਆ ਜਾਵੇਗਾ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਕੁਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸਿਮਰਜੀਤ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਸੁਖਬੀਰ ਸਿੰਘ, ਆਦਿ ਮੌਜ਼ੂਦ ਸਨ।
Punjab Post Daily Online Newspaper & Print Media