Saturday, April 25, 2026

ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ 400 ਸਾਲਾ ਨਗਰ ਕੀਰਤਨ

ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਮੌਕੇ ਵੱਡੀ ਗਿਣਤੀ ‘ਚ ਮੋਟਰਸਾਈਕਲਾਂ ’ਤੇ ਸਵਾਰ ਨੌਜੁਆਨਾਂ ਨੇ ਪੀਲੀਆਂ ਦਸਤਾਰਾਂ ਸਜ਼ਾ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾ: ਦਸਵੀਂ ਮਾਛੀਵਾੜਾ ਵਿਖੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸੱਜੇ ਦੀਵਾਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸੰਗਤ ਨੂੰ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਆ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ।ਹਰਜਤਿੰਦਰ ਸਿੰਘ ਪਵਾਤ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ।ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪਵਾਤ ਅਤੇ ਮਹਿੰਦਰ ਸਿੰਘ ਹੁਸੈਨਪੁਰ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ।ਨਗਰ ਕੀਰਤਨ ਵਿਚ ਜਥੇਦਾਰ ਸੰਤਾ ਸਿੰਘ ਉਮੈਦਪੁਰ, ਜਥੇਦਾਰ ਉਜਾਗਰ ਸਿੰਘ, ਜਗਦੀਸ਼ ਸਿੰਘ ਬਰਾੜ, ਜਸਬੀਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ।ਇਸੇ ਦੌਰਾਨ ਮਾਛੀਵਾੜਾ ਅਤੇ ਇਸ ਤੋਂ ਅਗਲੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ ਅਤੇ ਸੰਗਤ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਗਈ।
                     ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਇੰਚਾਰਜ਼ ਲਖਬੀਰ ਸਿੰਘ ਡੋਗਰ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਦੇ ਮੈਨੇਜਰ ਸਰਬਦਿਆਲ ਸਿੰਘ, ਪ੍ਰਚਾਰਕ ਭਾਈ ਬਚਿੱਤਰ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਤਰਸੇਮ ਸਿੰਘ ਢੋਟੀਆਂ, ਭਾਈ ਕੁਲਦੀਪ ਸਿੰਘ ਖਾਪੜਖੇੜੀ ਆਦਿ ਵੀ ਮੌਜੂਦ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …