ਵੱਖ-ਵੱਖ ਏਜੰਸੀਆਂ ਨੇ 104508 ਮੀਟ੍ਰਿਕ ਟਨ ਕਣਕ ਦੀ ਕੀਤੀ ਖ਼ਰੀਦ
ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ
ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 104508 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 106554 ਮੀਟ੍ਰਿਕ ਟਨ ਕਣਕ ਵਿਚੋਂ 104508 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 28152 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 24185 ਮੀਟ੍ਰਿਕ ਟਨ, ਪਨਸਪ ਵੱਲੋਂ 25949 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 14881 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 11341 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਦਿੱਕਤ ਆਉਂਦੀ ਹੈ, ਤਾਂ ਉਹ ਤੁਰੰਤ ਸਬੰਧਤ ਮਾਰਕੀਟ ਕਮੇਟੀ ਦੇ ਦਫ਼ਤਰ ਜਾਂ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਦੇ ਧਿਆਨ ਵਿਚ ਲਿਆਵੇ। ੲਸ ਤੋਂ ਇਲਾਵਾ ਲੋੜ ਪੈਣ ’ਤੇ ਕਿਸਾਨ ਪੰਜਾਬ ਮੰਡੀ ਬੋਰਡ ਵੱਲੋਂ ਸਟੇਟ ਪੱਧਰ ’ਤੇ ਸਥਾਪਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਕੰਟਰੋਲ ਰੂਮ ਨੰਬਰ 0172-5101649 ‘ਤੇ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 53 ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।
Punjab Post Daily Online Newspaper & Print Media