Saturday, April 18, 2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਗੁਰੂ ਕੇ ਮਹਿਲ ਤਕ ਸਜ਼ਾਇਆ ਨਗਰ ਕੀਰਤਨ

ਦੂਜੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ, ਜਿਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ-ਜਸ ਸਰਵਣ ਕਰਵਾਇਆ।
                    ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਅਰਦਾਸ ਮਗਰੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ, ਜਦਕਿ ਸੰਗਤਾਂ ਗੁਰਬਾਣੀ ਦੇ ਸ਼ਬਦ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਨਾਲ ਚੱਲ ਰਹੀਆਂ ਸਨ।ਗਤਕਾ ਅਤੇ ਬੈਂਡ ਪਾਰਟੀਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ।ਬੇਸ਼ੱਕ ਕੋਰੋਨਾ ਦੇ ਚੱਲਦਿਆਂ ਸੰਗਤ ਦੀ ਸ਼ਮੂਲੀਅਤ ਸੀਮਤ ਰਹੀ, ਪ੍ਰੰਤੂ ਹਾਜ਼ਰ ਸੰਗਤਾਂ ਅੰਦਰ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਪ੍ਰਤੀ ਉਤਸ਼ਾਹ ਸੀ।
                     ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਅਮਰਜੀਤ ਸਿੰਘ ਬੰਡਾਲਾ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਵਿਛੋਆ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਹਰਪਾਲ ਸਿੰਘ ਜੱਲ੍ਹਾ, ਸੁਖਵਰਸ਼ ਸਿੰਘ ਪੰਨੂ, ਸੁਰਜੀਤ ਸਿੰਘ ਤੁਗਲਵਾਲ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ ਮੈਨੇਜਰ, ਹਰਜਿੰਦਰ ਸਿੰਘ ਕੈਰੋਂਵਾਲ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਤਬੀਰ ਸਿੰਘ ਧਾਮੀ, ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਪਲਵਿੰਦਰ ਸਿੰਘ ਚਿੱਟਾ, ਬਘੇਲ ਸਿੰਘ, ਸਤਨਾਮ ਸਿੰਘ, ਨਰਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …