Sunday, December 22, 2024

ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ, ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ, 10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ

 ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) –  ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 30 ਅਪ੍ਰੈਲ ਨੂੰ ਜਾਰੀ ਹਦਾਇਤਾਂ ਤੋਂ ਬਾਅਦ ਅੱਜ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜਿਲ੍ਹਾ ਕਪੂਰਥਲਾ ਅੰਦਰ ਵੀ ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ 30 ਅਪਰੈਲ ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਨਵੀਆਂ ਰੋਕਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮ 2 ਮਈ ਤੋਂ 15 ਮਈ ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਤਹਿਤ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ । 

ਕੇਵਲ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਕਿ ਕੈਮਿਸਟ ਸ਼ਾਪ, ਦੁੱਧ, ਬਰੈਡ, ਸਬਜ਼ੀਆਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦਨ, ਆਂਡੇ, ਮੀਟ, ਮੋਬਾਇਲ ਰਿਪੇਅਰ  ਨਾਲ ਸਬੰਧਿਤ ਦੁਕਾਨਾਂ ਖੁੱਲ ਸਕਣਗੀਆਂ। 

ਲੈਬੋਰੇਟਰੀ , ਨਰਸਿੰਗ ਹੋਮ ਤੇ ਹੋਰ ਮੈਡੀਕਲ ਅਦਾਰਿਆਂ ’ਤੇ ਰੋਕਾਂ ਲਾਗੂ ਨਹੀਂ ਹੋਣਗੀਆਂ। 

ਕਰਫਿਊ ਪਹਿਲਾਂ  ਵਾਂਗ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਹਫਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਹੋਵੇਗਾ। ਕਰਫਿਊ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ। ਕੇਵਲ ਮੈਡੀਕਲ ਐਮਰਜੈਂਸੀ ਨੂੰ ਛੋਟ ਹੋਵੇਗੀ।

ਕੋਈ ਵੀ ਵਿਅਕਤੀ ਜਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕੀ ਰਾਸਤੇ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾਕੇ ਹੀ ਦਾਖਲ ਹੋ ਸਕੇਗਾ।  

ਸਾਰੇ ਸਰਕਾਰੀ ਦਫਤਰ ਤੇ ਬੈਂਕ ਆਪਣੀ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ ਕੇਵਲ ਕੋਵਿਡ ਸਬੰਧੀ ਡਿਊਟੀ ਦੀ ਤਾਇਨਾਤੀ ਨੂੰ ਛੱਡਕੇ।

ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ। ਮੋਟਰਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ।

10 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜ਼ਾਜਤ ਨਹੀਂ। 

ਪਿੰਡਾਂ ਅੰਦਰ ਰਾਤ ਵੇਲੇ ਦੇ ਕਰਫਿਊ ਤੇ ਹਫਤਾਵਾਰੀ ਕਰਫਿਊ ਲਈ ਠੀਕਰੀ ਪਹਿਰੇ ਲੱਗਣਗੇ। 

ਸਜ਼ਬੀ ਮੰਡੀ ਕੇਵਲ ਸਬਜ਼ੀਆਂ ਤੇ ਫਰੂਟ ਲਈ ਖੁੱਲੇਗੀ ਤੇ ਉੰਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ। 

ਕਿਸਾਨ ਯੂਨੀਅਨਾਂ ਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਕੱਠ ਨਾ ਕਰਨ ਤੇ ਪ੍ਰਦਰਸ਼ਨ ਵਾਲੀਆਂ  ਥਾਵਾਂ  ਜਿਵੇਂ ਕਿ ਟੋਲ ਪਲਾਜ਼ੇ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਹੋਵੇ। 

ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ । 

ਆਕਸੀਜਨ ਸਿਲੰਡਰ ਜਮ੍ਹਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।

ਰੇਹੜੀ ਵਾਲਿਆਂ ਦੇ ਆਰ.ਟੀ ਪੀ.ਸੀ.ਆਰ ਟੈਸਟ ਹੋਣਗੇ।

ਜਨਤਕ ਆਵਾਜਾਈ ਸੇਵਾ (ਬੱਸ, ਟੈਕਸੀ , ਆਟੋ) 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੇ।

ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ।

ਸਾਰੇ ਰੈਸਟੋਰੈਂਟ (ਹੋਟਲਾਂ ਸਮੇਤ) , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਕੋਰਟ, ਢਾਬਿਆਂ ਉੱਪਰ ਬੈਠਕੇ ਖਾਣ ਦੀ ਇਜ਼ਾਜਤ ਨਹੀਂ ਹੋਵੇਗਾ ਜਦਕਿ ਉਹ ਟੇਕ-ਅਵੇ ਤੇ ਹੋਮ ਡਿਲਵਰੀ ਲਈ ਰਾਤ 9 ਵਜੇ ਤੱਕ ਕਰ ਸਕਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਥਾਵਾਂ ਵਿਖੇ ਅੰਦਰ ਬੈਠਕੇ ਖਾਣ ’ਤੇ ਬਿਲਕੁਲ ਪਾਬੰਦੀ ਹੈ।

ਸਾਰੀਆਂ ਹਫਤਾਵਾਰੀ ਮਾਰਕੀਟਾਂ (ਆਪਣੀ ਮੰਡੀ ਵਾਂਗ) ਬੰਦ ਰਹਿਣਗੀਆਂ।

ਜਿਲ੍ਹੇ ਅੰਦਰ ਸਮਾਜਿਕ, ਸੱਭਿਆਚਾਰਕ , ਖੇਡਾਂ ਤੇ ਹੋਰਨਾਂ ਸਬੰਧਿਤ ਸਮਾਗਮਾਂ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ।

ਸਾਰੇ ਸਿਆਸੀ ਇਕੱਠਾਂ ਉੱਪਰ ਵੀ ਪੂਰਨ ਪਾਬੰਦੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ , ਸਥਾਨ ਦੇ ਮਾਲਕ , ਟੈਂਟ ਹਾਊਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਤੋਂ ਵੱਧ ਇਕੱਠ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ 5 ਦਿਨ ਦੇ ਹੋਮ ਕੁਆਰਨਟਾਇਨ ਕੀਤਾ ਜਾਵੇਗਾ ।

ਸਾਰੇ ਵਿਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹਾਜ਼ਰ ਰਹੇਗਾ।

ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਮੈਡੀਕਲ ਤੇ ਨਰਸਿੰਗ ਕਾਲਜ, ਸੰਸਥਾਵਾਂ ਖੁੱਲੀਆਂ ਰਹਿਣਗੀਆਂ।

ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ ਪਰ ਕੋਵਿਡ ਦੀ ਰੋਕਥਾਮ ਸਬੰਧੀ ਭਰਤੀ ਪਰੀਖਿਆ ਉਪਰ ਰੋਕ ਨਹੀਂ ਹੋਵੇਗੀ।

ਸਾਰੇ ਪ੍ਰਾਈਵੇਟ ਦਫਤਰ, ਜਿਸ ਵਿਚ ਸੇਵਾ ਖੇਤਰ ਜਿਵੇਂ ਕਿ ਆਰਕੀਟੈਕਟ , ਸੀ.ਏ. , ਬੀਮਾ ਕੰਪਨੀਆਂ ਦੇ ਦਫਤਰਾਂ ਨੂੰ ਕੇਵਲ ‘ਵਰਕ ਫਰਾਮ ਹੋਮ ’ ਦੀ ਇਜ਼ਾਜ਼ਤ ਹੈ।

ਖੇਤੀ ਨਾਲ ਸਬੰਧਿਤ ਕੰਮ ਜਿਵੇਂ ਕਿ ਖਰੀਦ, ਬਾਗਬਾਨੀ, ਪਸ਼ੂ ਪਾਲਣ ਤੇ ਵੈਟਰਨਰੀ ਨਾਲ ਸਬੰਧਿਤ ਸੇਵਾਵਾਂ ਚਲਦੀਆਂ ਰਹਿਣਗੀਆਂ ।

ਵੈਕਸੀਨੇਸ਼ਨ ਲਈ ਆਊਟ ਰੀਚ ਕੈਂਪਾਂ ’ਤੇ ਲੋਕਾਂ ਦੀ ਅਵਾਜਾਈ।

ਮੈਨੂਫੈਕਚਰਿੰਗ ਖੇਤਰ ਦੀਆਂ ਗਤੀਵਿਧੀਆਂ ਤੇ ਉਨ੍ਹਾਂ ਦੇ ਕਰਮਚਾਰੀਆਂ  ਤੇ ਵਾਹਨਾਂ ਦੀ ਆਵਾਜਾਈ ਬਸ਼ਰਤੇ ਕਿ ਉਹ ਸਬੰਧਿਤ ਰੁਜ਼ਗਾਰਦਾਤੇ ਕੋਲੋਂ ਲੋੜੀਂਦੀ ਮਨਜ਼ੂਰੀ ਦਿਖਾਉਣ। 

ਟੈਲੀਕਮਿਊਨੀਕੇਸ਼ਨ , ਇੰਟਰਨੈਟ , ਬਰਾਡਕਾਸਟਿੰਗ , ਕੇਬਲ ਸੇਵਾ, ਆਈ.ਟੀ ਤੇ ਆਈ.ਟੀ. ਵਾਲੀਆਂ ਸੇਵਾਵਾਂ ਚਾਲੂ ਰਹਿਣਗੀਆਂ।

ਪੈਟਰੌਲ ਪੰਪ ਤੇ ਪੈਟਰੌਲੀਅਮ ਉਤਪਾਦ, ਐਲ.ਪੀ.ਜੀ. ਗੈਸ, ਗੈਸ ਰਿਟੇਲ ਤੇ ਸਟੋਰੇਜ਼ , ਊਰਜਾ ਉਤਪਾਦਨ, ਟਰਾਂਸਮਿਸ਼ਨ ਤੇ ਵੰਡ ਯੂਨਿਟ ਸੇਵਾਵਾਂ ਚਾਲੂ ਰਹਿਣਗੇ ।

ਕੋਲਡ ਸਟੋਰੇਜ਼ ਤੇ ਵੇਅਰਹਾਊਸ ਸਰਵਿਸਜ਼ ਸਾਰੀਆਂ ਬੈਂਕਿੰਗ ਤੇ ਭਾਰਤੀ ਰਿਜ਼ਰਵ ਬੈਂਕ, ਏ.ਟੀ.ਐਮ. ਕੈਸ਼ ਵੈਨਾਂ ਤੇ ਕੈਸ਼ ਦੀ ਵੰਡ ਦੀਆਂ ਸੇਵਾਵਾਂ ਚਾਲੂ ਰਹਿਣਗੇ।

ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਵਿਡ ਦੀ ਚੇਨ ਨੂੰ ਤੋੜਿਆ ਜਾ ਸਕੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …