ਨਵਾਂਸ਼ਹਿਰ, 12 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਉਨ੍ਹਾਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਤੋਂ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਜ਼ਿਲ੍ਹੇ ਦੇ ਜ਼ਿਆਦਾਤਰ ਸ਼ਹਿਰੀ ਖੇਤਰਾਂ ਵਿਚ ਹੀ ਕੋਵਿਡ ਦਾ ਪ੍ਰਕੋਪ ਸੀ ਪਰੰਤੂ ਹੁਣ ਇਹ ਦਿਹਾਤੀ ਇਲਾਕਿਆਂ ਵਿਚ ਵੀ ਫੈਲ ਚੁੱਕਾ ਹੈ ਅਤੇ ਪਿੰਡਾਂ ਵਿਚ ਇਸ ਦੇ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ।ਉਨ੍ਹਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸਥਿਤੀ ਨੂੰ ਦੇਖਦਿਆਂ ਢੁੱਕਵੀਂ ਕਾਰਵਾਈ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਫਿਲਹਾਲ ਕੋਈ ਕਮੀ ਨਹੀਂ ਹੈ, ਪਰੰਤੂ ਜੇਕਰ ਆਉਣ ਵਾਲੇ ਦਿਨਾਂ ਵਿਚ ਕੇਸਾਂ ਵਿਚ ਵਾਧਾ ਹੁੰਦਾ ਹੈ ਤਾਂ ਇਸ ਦੇ ਲਈ ਢੁਕਵੇਂ ਇੰਤਜ਼ਾਮ ਕਰਨੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਤੋਂ ਬਚਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਅਤੇ ਕੋਵਿਡ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕੋਵਿਡ ਸੈਂਪਲਿੰਗ, ਕਾਨਟੈਕਟ ਟਰੇਸਿੰਗ ਅਤੇ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ।
ਵਿਧਾਇਕ ਨੇ ਸਿਹਤ ਮੰਤਰੀ ਨੂੰ ਕੋਵਿਡ ਦੀ ਸਥਿਤੀ, ਬਚਾਅ ਅਤੇ ਇਲਾਜ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਜ਼ਿਲ੍ਹੇ ਦਾ ਦੌਰਾ ਕਰਨ ਦੀ ਅਪੀਲ ਕੀਤੀ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਕੋਵਿਡ ਦੀ ਸਥਿਤੀ ਅਤੇ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਜਲਦ ਹੀ ਜ਼ਿਲ੍ਹੇ ਦਾ ਦੌਰਾ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜੀਅ-ਤੋੜ ਕੋਸ਼ਿਸ਼ਾਂ ਜਾਰੀ ਹਨ ਅਤੇ ਸਭਨਾਂ ਦੇ ਸਹਿਯੋਗ ਨਾਲ ਜਲਦ ਹੀ ਸੂਬੇ ਨੂੰ ਕੋਵਿਡ ਮੁਕਤ ਕੀਤਾ ਜਾਵੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …