Saturday, August 29, 2026

ਮੁੱਖ ਮੰਤਰੀ ਵੱਲੋਂ ‘ਪੇਂਡੂ ਕੋਵਿਡ ਫਤਿਹ ਪ੍ਰੋਗਰਾਮ’ ਲਾਗੂ ਕਰਨ ਲਈ ਸਰਪੰਚਾਂ ਨੂੰ ਸੱਦਾ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਪੇਂਡੂ ਖੇਤਰਾਂ ’ਚ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ‘ਪੇਂਡੂ ਕੋਵਿਡ ਫਤਿਹ ਪ੍ਰੋਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਜ਼ੋਰਦਾਰ ਢੰਗ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਹੋਰ ਨੁਮਾਇੰਦਿਆਂ ਨਾਲ ਵਰਚੂਅਲ ਗੱਲਬਾਤ ਕੀਤੀ ਗਈ।ਉਨ੍ਹਾਂ ਰਾਜ ਦੇ ਸਮੂਹ ਸਰਪੰਚਾਂ ਨੂੰ ਕਰੋਨਾ ਦੀ ਜੰਗ ’ਚ ਮੋਹਰੀ ਹੋ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ, ਤਾਂ ਜੋ ਕਰੋਨਾ ਦੀ ਇਸ ਨਾਮੁਰਾਦ ਬਿਮਾਰੀ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ।
               ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਪਾਜ਼ਟਿਵ ਲੋੜਵੰਦ ਵਿਅਕਤੀਆਂ ਨੂੰ ਭੋਜਣ ਕਿੱਟਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ਟਿਵ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਆਕਸ਼ੀਜਨ, ਵੈਕਸੀਨ ਅਤੇ ਹੋਰ ਲੋੜੀਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਰੋਨਾ ਨਾਲ ਹੋਣ ਵਾਲੀ ਮੌਤ ਦਰ ਨੂੰ ਰੋਕਿਆ ਜਾ ਸਕੇ ਅਤੇ ਕਰੋਨਾ ਮਹਾਂਮਾਰੀ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।
                 ਇਸ ਤੋਂ ਪਹਿਲਾਂ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਰਪੰਚਾਂ ਨੂੰ ਪਿੰਡ ਪੱਧਰ ’ਤੇ ਠੀਕਰੀ ਪਹਿਰਾ ਲਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਹਲਕੀ ਖਾਂਸੀ, ਬੁਖਾਰ, ਜੁਖਾਮ ਹੋਣ ’ਤੇ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ, ਤਾਂ ਜੋ ਮੁੱਢਲੇ ਪੱਧਰ ’ਤੇ ਹੀ ਬਿਮਾਰੀ ਦਾ ਪਤਾ ਲੱਗ ਸਕੇ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰ ਡਾਕਟਰ ਤੋਂ ਹੀ ਦਵਾਈ ਲੈਣ ਅਤੇ ਆਪਣੇ ਆਪ ਲਈਆਂ ਦਵਾਈਆਂ ਨੁਕਸਾਨ ਕਰਦੀਆਂ ਹਨ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਇਹ ਵਰਚੂਅਲ ਪ੍ਰੋਗਰਾਮ ਕਰੀਬ 60 ਵੱਖ ਵੱਖ ਸਥਾਨਾਂ ਤੇ ਕਰਵਾਇਆ ਗਿਆ ਜਿਸ ਵਿੱਚ ਸਬੰਧਤ ਪਿੰਡਾਂ ਦੇ ਸਰਪੰਚਾਂ ਨੇ ਪਹੁੰਚ ਕੀਤੀ ਅਤੇ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …