ਚੇਅਰਮੈਨ ਸੂਦ ਨੇ 8 ਲਾਭਪਾਤਰੀਆਂ ਨੂੰ 15.50 ਲੱਖ ਰੁਪਏ ਦੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ
ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ
ਅੱਜ ਇਥੇ ਕਾਰਪੋਰੇਸ਼ਨ ਦੀਆਂ ਨੈਸ਼ਨਲ ਸਫ਼ਾਈ ਕਰਮਚਾਰੀ ਵਿੱਤ ਕਾਰਪੋਰੇਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ 8 ਲਾਭਪਾਤਰੀਆਂ ਨੂੰ 15.50 ਲੱਖ ਰੁਪਏ ਦੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਅਤੇ ਚੈੱਕ ਵੰਡੇ ਗਏ।
ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਦੀ ਸਥਾਪਨਾ ਹੋਏ ਨੂੰ 50 ਸਾਲ ਪੂਰੇ ਹੋਣ ’ਤੇ ਗੋਲਡਨ ਜੁਬਲੀ ਵਰ੍ਹੇ ਦੌਰਾਨ ਉਨ੍ਹਾਂ ਵੱਲੋਂ ਕੀਤੀ ਵਿਸ਼ੇਸ਼ ਪਹਿਲ ਅਧੀਨ ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸਹਿਕਾਰਤਾ ਮੰਤਰੀ ਪੰਜਾਬ ਨਾਲ ਮੀਟਿੰਗ ਕਰ ਕੇ ਸਹਿਕਾਰੀ ਬੈਂਕਾਂ ਵੱਲੋਂ ਚਲਾਈ ਜਾ ਰਹੀ ਸਵੈ ਸਹਾਈ ਗਰੁੱਪ ਸਕੀਮ ਵਿਚ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਵੈ ਸਹਾਈ ਗਰੁੱਪਾਂ ਨੂੰ ਕਾਰਪੋਰੇਸ਼ਨ ਵੱਲੋਂ ਸਬਸਿਡੀ ਮੁਹੱਈਆ ਕਰਵਾਈ ਜਾਇਆ ਕਰੇਗੀ ਅਤੇ ਕਰਜ਼ਾ ਸਹਿਕਾਰੀ ਬੈਂਕ ਵੱਲੋਂ ਦਿੱਤਾ ਜਾਇਆ ਕਰੇਗਾ।ਇਸ ਸਕੀਮ ਦੀ ਸ਼ੁਰੂਆਤ ਅੱਜ ਉਨ੍ਹਾਂ ਵੱਲੋਂ ਇਸ ਸਕੀਮ ਅਧੀਨ ਲਾਭਪਾਤਰੀਆਂ ਦੇ ਫਾਰਮ ਭਰ ਕੇ ਕੀਤੀ ਗਈ।ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੀ ਹੀ ਸਕੀਮ ਕਾਰਪੋਰੇਸ਼ਨ ਵੱਲੋਂ ਆਪਣੇ ਪੱਧਰ ’ਤੇ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਸਵੈ ਸਹਾਈ ਗਰੁੱਪਾਂ ਨੂੰ ਕਰਜ਼ਾ ਅਤੇ ਸਬਸਿਡੀ ਕਾਰਪੋਰੇਸ਼ਨ ਵੱਲੋਂ ਸਿੱਧੇ ਤੌਰ ’ਤੇ ਆਪਣੇ ਪੱਧਰ ’ਤੇ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲਾਭਪਾਤਰੀਆਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਮਦਦ ਮਿਲੇਗੀ।ਉਨ੍ਹਾਂ ਐਮ.ਸੀ ਚੇਤ ਰਾਮ ਰਤਨ ਅਤੇ ਚੰਦਰ ਮੋਹਨ ਸੰਧੂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।
ਇਸ ਮੌਕੇ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਕੁਲਵਿੰਦਰ ਸਿੰਘ, ਜੁਗਲ ਕਿਸ਼ੋਰ, ਸਹਾਇਕ ਜ਼ਿਲ੍ਹਾ ਮੈਨੇਜਰ ਜੁਗਲ ਕਿਸ਼ੋਰ ਅਤੇ ਹੋਰ ਸਟਾਫ ਹਾਜ਼ਰ ਸੀ।
Punjab Post Daily Online Newspaper & Print Media