ਡੰਪ ਅਤੇ ਹੜਤਾਲੀ ਮੁਲਾਜ਼ਮਾਂ ਦੇ ਮੁੱਦੇ ਜਲਦ ਹੱਲ ਕਰਨ ਦੀ ਕੀਤੀ ਅਪੀਲ
ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ
ਸਥਾਨਕ ਸਰਕਾਰਾਂ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕਰ ਕੇ ਸ਼ਹਿਰ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਗਈ।ਉਨ੍ਹਾਂ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਅਬਾਦੀ ਵਿੱਚਲੇ ਕੂੜੇ ਦੇ ਡੰਪ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਕੌਂਸਲ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਦੇ ਬਦਤਰ ਹੋਏ ਹਾਲਾਤ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਵਿੱਚ ਮੂਸਾਪੁਰ ਰੋਡ ’ਤੇ ਸਥਿਤ ਕੂੜੇ ਦਾ ਡੰਪ ਅਬਾਦੀ ਵਿੱਚ ਬਣਿਆ ਹੋਇਆ ਹੈ, ਜਿਸ ਕਾਰਨ ਸਬੰਧਤ ਇਲਾਕਿਆਂ ਦੇ ਵਾਸੀਆਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਹ ਗੰਧਲੇ ਵਾਤਾਵਰਨ ਵਿਚ ਰਹਿਣ ਲਈ ਮਜ਼ਬੂਰ ਹਨ।ਇਸ ਲਈ ਡੰਪ ਨੂੰ ਉਥੋਂ ਸ਼ਿਫਟ ਕਰ ਕੇ ਅਬਾਦੀ ਤੋਂ ਬਾਹਰ ਲਿਜਾਣਾ ਜ਼ਰੂਰੀ ਹੈ।
ਉਨ੍ਹਾਂ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਗਰ ਕੌਂਸਲ ਮੁਲਾਜ਼ਮਾਂ ਦੀ ਹੜਤਾਲ ਇਸ ਵੇਲੇ ਸ਼ਹਿਰ ਲਈ ਦੂਜਾ ਵੱਡਾ ਮਸਲਾ ਬਣਿਆ ਹੋਇਆ ਹੈ।ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿੱਚ ਸੜਕਾਂ ’ਤੇ ਖਿੱਲਰਿਆ ਇਹ ਕੂੜਾ ਹੋਰਨਾਂ ਬਿਮਾਰੀਆਂ ਨੂੰ ਵੀ ਸੱਦਾ ਦੇ ਰਿਹਾ ਹੈ, ਜਿਸ ਦਾ ਢੁੱਕਵਾਂ ਨਿਪਟਾਰਾ ਕਰਨਾ ਫੌਰਨ ਲੋੜੀਂਦਾ ਹੈ।ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਇਨ੍ਹਾਂ ਦੋਵਾਂ ਮਸਲਿਆਂ ਦੇ ਜਲਦ ਹੀ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ ਗਿਆ।
Punjab Post Daily Online Newspaper & Print Media