ਪੰਜਾਬ ਸਰਕਾਰ ਕੋਰੋਨਾ ਕਾਲ ’ਚ ਫੇਲ੍ਹ ਸਾਬਤ ਹੋਈ – ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ
ਕੈਂਪ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ ਨਾਲ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਹੈ, ਜੋ ਲੋਕਾਂ ਨੂੰ ਬਿਲਕੁੱਲ ਮੁਫ਼ਤ ਲਗਾਏ ਜਾਣਗੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਉਸ ਵੇਲੇ ਹੋਰ ਵੱਡੀ ਅਹਿਮੀਅਤ ਰੱਖਦਾ ਹੈ, ਜਦੋਂ ਲੋਕ ਵੈਕਸੀਨ ਲਗਵਾਉਣ ਲਈ ਖੱਜ਼ਲ ਹੋ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਵੱਲੋਂ ਵੈਕਸੀਨ ਦਾ ਯੋਗ ਪ੍ਰਬੰਧ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਈ।ਪੰਜਾਬ ‘ਚ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਨੇ ਵੈਕਸੀਨ, ਦਵਾਈਆਂ, ਵੈਂਟੀਲੈਂਟਰ ਅਤੇ ਕੋਵਿਡ ਕੇਅਰ ਕੇਂਦਰਾਂ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ।
ਉਨ੍ਹਾਂ ਭਾਰਤ ਸਰਕਾਰ ਦੇ ਪ੍ਰਬੰਧਾਂ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਤ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਹੋਰ ਵੀ ਵਧੇਰੇ ਮਦਦ ਕਰਨਾ ਚਾਹੁੰਦੀਆਂ ਹਨ, ਪਰੰਤੂ ਕੇਂਦਰ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਸੰਭਵ ਨਹੀਂ ਹੋ ਰਿਹਾ।ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਸ਼੍ਰੋਮਣੀ ਕਮੇਟੀ ਨੂੰ ਫਾਈਜ਼ਰ ਵੈਕਸੀਨ ਦੀ ਸਰਕਾਰ ਵੱਲੋਂ ਇਜਾਜ਼ਤ ਨਾ ਦੇਣਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਦੀ ਮੱਦਦ ਨਾਲ ਪ੍ਰਬੰਧ ਕੀਤਾ ਸੀ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਮਾਨਵਤਾ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਪੱਧਰ ’ਤੇ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੇ ਨਾਲ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕਰਦੀ ਰਹੇਗੀ।ਹੁਣ 9 ਕੋਵਿਡ ਕੇਅਰ ਕੇਂਦਰ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 900 ਦੇ ਕਰੀਬ ਮਰੀਜ਼ ਠੀਕ ਹੋਏ ਹਨ।ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲਗਾਏ ਇਸ ਕੈਂਪ ਮਗਰੋਂ ਤਖ਼ਤ ਸਾਹਿਬਾਨ ਵਿਖੇ ਵੀ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਮੁਫ਼ਤ ਵੈਕਸੀਨ ਲਗਾ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਹਰਭਜਨ ਸਿੰਘ ਮਸਾਣਾਂ, ਭੁਪਿੰਦਰ ਸਿੰਘ ਭਲਵਾਨ, ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਪਾਲ ਸਿੰਘ ਜੱਲ੍ਹਾ, ਜਰਨੈਲ ਸਿੰਘ ਡੋਗਰਾਂਵਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਅਵਤਾਰ ਸਿੰਘ ਵਣਵਾਲਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਅਕਾਲੀ ਆਗੂ ਅਮਰਪਾਲ ਸਿੰਘ ਬੋਨੀ, ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ ਸਿੰਘ, ਓ.ਐਸ.ਡੀ ਡਾ. ਸੁਖਬੀਰ ਸਿੰਘ, ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।
ਇਸੇ ਦੋਰਾਨ ਵੈਕਸੀਨ ਲਗਾਉਣ ਪੁੱਜੇ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
Punjab Post Daily Online Newspaper & Print Media